- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲਾਵਟਖੋਰਾਂ ’ਤੇ ਸਖ਼ਤੀ ਤੋਂ ਕਿਸਾਨ ਆਗੂ ਖੁਸ਼, ਫੂਡ ਸੇਫਟੀ ਅਫ਼ਸਰ ਖੋਸਲਾ ਦੇ ਹੱਕ ’ਚ ਡਟੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮਿਲਾਵਟੀ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ਵਿਰੁੱਧ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ।ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਜ਼ੀਰਾ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ, ਮੋਹਨ ਸਿੰਘ ਨੰਬਰਦਾਰ ਫੇਰੋਕੇ ਅਤੇ ਬਲਰਾਮ ਸਿੰਘ ਫੇਰੋਕੇ ਨੇ ਕਿਹਾ ਕਿ ਫੂਡ ਸੇਫਟੀ ਅਫ਼ਸਰ ਜ਼ਿਲ੍ਹਾ ਫਿਰੋਜ਼ਪੁਰ ਅਭਿਨਵ ਖੋਸਲਾ ਵੱਲੋਂ ਮਿਲਾਵਟਖੋਰੀ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਅਹਿਮ ਕਦਮ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਨਕਲੀ ਦੁੱਧ,ਖੋਆ,ਪਨੀਰ, ਮਠਿਆਈ, ਦੇਸੀ ਘਿਓ ਅਤੇ ਹੋਰ ਮਿਲਾਵਟੀ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਦਾਰਥ ਲੋਕਾਂ ਦੀ ਸਿਹਤ ਨਾਲ ਸਿੱਧਾ ਸਬੰਧ ਰੱਖਦੇ ਹਨ, ਇਸ ਲਈ ਮਿਲਾਵਟਖੋਰੀ ਨੂੰ ਰੋਕਣ ਲਈ ਸਖ਼ਤ ਕਦਮ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਵਿਅਕਤੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਦਾ ਨਾਮ ਵਰਤ ਕੇ ਕਥਿਤ ਤੌਰ ’ਤੇ ਅਧਿਕਾਰੀਆਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਆਗੂਆਂ ਅਨੁਸਾਰ ਜਾਂਚ ਦੌਰਾਨ ਉਕਤ ਵਿਅਕਤੀ ਦੇ ਆਧਾਰ ਕਾਰਡ ’ਤੇ ਦਰਜ ਪਤਾ ਓਐੱਸਡੀ ਰਾਜਬੀਰ ਸਿੰਘ ਘੁੰਮਣ ਦੇ ਪਿੰਡ ਦੀ ਬਜਾਏ ਕਿਸੇ ਹੋਰ ਸਥਾਨ ਦਾ ਹੋਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਫੂਡ ਸੇਫਟੀ ਅਧਿਕਾਰੀਆਂ ਦੇ ਕੰਮ ਵਿੱਚ ਵਿਘਨ ਪਾਉਣ ਜਾਂ ਉਨ੍ਹਾਂ ਨੂੰ ਧਮਕਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਵਿਅਕਤੀ ਵੱਲੋਂ ਦੁਕਾਨਾਂ ’ਤੇ ਜਾ ਕੇ ਪੈਸੇ ਮੰਗਣ ਦੇ ਦਾਅਵੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਫੂਡ ਸੇਫਟੀ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਭਾਕਿਯੂ ਕਾਦੀਆਂ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।