ਖਰੀਦ ਸ਼ੁਰੂ ਕਰਵਾਉਣ ਲਈ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ
ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ
Publish Date: Wed, 15 Apr 2026 04:58 PM (IST)
Updated Date: Wed, 15 Apr 2026 05:00 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ’ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 3 ਵਜੇ ਤੱਕ ਸਾਰੇ ਪੰਜਾਬ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਰੇਲ ਜਾਮ ਵਿਚ ਕਿਸਾਨ ਮਜ਼ਦੂਰ ਮੋਰਚਾ ਕਿਸਾਨ ਆਗੂਆਂ ਚਮਕੌਰ ਸਿੰਘ ਉਸਮਾਨ ਵਾਲਾ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਸਖਤ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ, ਉਸ ਲਈ ਵੀ ਸਰਕਾਰਾਂ ਵੱਲੋਂ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜੀ ਗਈ ਹੈ, ਹੁਣ ਫਿਰ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਵਿਚ ਕਣਕ ਦੀ ਗੁਣਵੱਤਾ ਉੱਤੇ ਅਸਰ ਪਿਆ ਹੈ ਪਰ ਨਾ ਤਾਂ ਕੇਂਦਰ ਸਰਕਾਰ ਅਤੇ ਨਾਂ ਪੰਜਾਬ ਸਰਕਾਰ ਇਸ ਵਾਸਤੇ ਗੰਭੀਰ ਹਨ।