ਫ਼ਿਰੋਜ਼ਪੁਰ ’ਚ ਕਿਸਾਨ ਤੇ ਪੰਥਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ-ਪੱਤਰ
ਫ਼ਿਰੋਜ਼ਪੁਰ ’ਚ ਕਿਸਾਨ ਤੇ ਪੰਥਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ-ਪੱਤਰ
Publish Date: Wed, 24 Jun 2026 06:28 PM (IST)
Updated Date: Wed, 24 Jun 2026 06:31 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੀਆਂ ਸਮੂਹ ਪੰਥਕ, ਸਮਾਜਿਕ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ-ਪੱਤਰ ਸੌਂਪਿਆ ਗਿਆ। ਇਸ ਮੰਗ-ਪੱਤਰ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇ। ਇਹ ਮੰਗ-ਪੱਤਰ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀਆਂ ਨੂੰ ਵੀ ਭੇਜਿਆ ਗਿਆ ਹੈ, ਜਿਸ ਵਿਚ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਅਤੇ ਕਿਰਪਾਨ ਧਾਰਨ ਕਰਨ ਦੇ ਸੰਵਿਧਾਨਕ ਹੱਕ ਨੂੰ ਯਕੀਨੀ ਬਣਾਉਣ ਦੀ ਜੋਰਦਾਰ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਣ ਮੌਕੇ ਕਿਸਾਨ ਅਤੇ ਪੰਥਕ ਆਗੂਆਂ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ ਅਤੇ ਦੇਸ਼ ਦੇ ਹੋਰਨਾਂ ਰਾਜਾਂ ਵਿਚ ਸਿੱਖਾਂ ਨਾਲ ਧਾਰਮਿਕ ਵਿਤਕਰੇ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਣਾ, ਜ਼ਬਰਦਸਤੀ ਕਿਰਪਾਨਾਂ ਉਤਰਵਾਉਣੀਆਂ, ਗੱਡੀਆਂ ’ਤੇ ਲੱਗੇ ਨਿਸ਼ਾਨ ਸਾਹਿਬ ਹਟਾਉਣ ਲਈ ਦਬਾਅ ਪਾਉਣਾ ਅਤੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨਾਲ ਬਦਸਲੂਕੀ ਕਰਨਾ ਬੇਹੱਦ ਮੰਦਭਾਗਾ ਹੈ। ਇਹ ਕਾਰਵਾਈਆਂ ਨਾ ਸਿਰਫ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ, ਬਲਕਿ ਭਾਰਤੀ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦੀ ਵੀ ਸਿੱਧੀ ਉਲੰਘਣਾ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਭਾਰਤ ਦਾ ਸੰਵਿਧਾਨ ਸਿੱਖਾਂ ਨੂੰ ਆਪਣੇ ਧਾਰਮਿਕ ਵਿਸ਼ਵਾਸ ਅਨੁਸਾਰ ਕਿਰਪਾਨ ਧਾਰਨ ਕਰਨ ਦੀ ਪੂਰੀ ਆਜ਼ਾਦੀ ਦਿੰਦਾ ਹੈ। ਇਸ ਲਈ ਕਿਸੇ ਵੀ ਸਰਕਾਰੀ ਜਾਂ ਗ਼ੈਰ-ਸਰਕਾਰੀ ਅਧਿਕਾਰੀ ਵੱਲੋਂ ਇਸ ਹੱਕ ਵਿੱਚ ਦਖ਼ਲਅੰਦਾਜ਼ੀ ਕਰਨਾ ਸੰਵਿਧਾਨ ਦੀ ਭਾਵਨਾ ਦੇ ਬਿਲਕੁਲ ਉਲਟ ਹੈ। ਜਥੇਬੰਦੀਆਂ ਵੱਲੋਂ ਪ੍ਰਮੁੱਖ ਮੰਗਾਂ ਜਿਵੇਂ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ ਅਤੇ ਹੋਰ ਸੂਬਿਆਂ ਵਿੱਚ ਸਿੱਖਾਂ ਨਾਲ ਹੁੰਦੇ ਧਾਰਮਿਕ ਅੱਤਿਆਚਾਰ ਤੁਰੰਤ ਬੰਦ ਕੀਤੇ ਜਾਣ। ਸਮੂਹ ਸਰਕਾਰੀ ਵਿਭਾਗਾਂ, ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਕਿਰਪਾਨ ਅਤੇ ਕਕਾਰ ਧਾਰਨ ਕਰਨ ਦੇ ਸੰਵਿਧਾਨਕ ਅਧਿਕਾਰ ਦਾ ਪੂਰਾ ਸਤਿਕਾਰ ਯਕੀਨੀ ਬਣਾਇਆ ਜਾਵੇ।ਸਿੱਖਾਂ ਦੇ ਧਾਰਮਿਕ ਚਿੰਨ੍ਹਾਂ, ਖ਼ਾਸ ਕਰਕੇ ਨਿਸ਼ਾਨ ਸਾਹਿਬ ਅਤੇ ਕਿਰਪਾਨ ਦੀ ਬੇਅਦਬੀ ਕਰਨ ਜਾਂ ਰੋਕ ਲਗਾਉਣ ਵਾਲੇ ਅਧਿਕਾਰੀਆਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ। ਕੇਂਦਰ ਸਰਕਾਰ ਸਮੂਹ ਰਾਜਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰੇ ਕਿ ਸਿੱਖਾਂ ਦੇ ਸੰਵਿਧਾਨਕ ਅਤੇ ਧਾਰਮਿਕ ਅਧਿਕਾਰਾਂ ਦੀ ਹਰ ਹਾਲ ਵਿਚ ਰਾਖੀ ਕੀਤੀ ਜਾਵੇ। ਉੱਤਰਾਖੰਡ ਵਿਚ ਨਜਾਇਜ਼ ਬੰਦੀ ਬਣਾਏ ਗਏ ਨਿਹੰਗ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਆਗੂਆਂ ਨੇ ਆਖਰ ਵਿਚ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਇਸ ਅਤਿ ਗੰਭੀਰ ਮਾਮਲੇ ਵੱਲ ਤੁਰੰਤ ਧਿਆਨ ਦੇਣਗੀਆਂ ਅਤੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ, ਤਾਂ ਜੋ ਦੇਸ਼ ਅੰਦਰ ਆਪਸੀ ਭਾਈਚਾਰਾ, ਧਾਰਮਿਕ ਆਜ਼ਾਦੀ ਅਤੇ ਕਾਨੂੰਨ ਦਾ ਰਾਜ ਬਰਕਰਾਰ ਰਹਿ ਸਕੇ। ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂ ਹਰਜਿੰਦਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ, ਗੁਰਚਰਨ ਸਿੰਘ ਭੁੱਲਰ ਅਕਾਲੀ ਦਲ ਅੰਮ੍ਰਿਤਸਰ, ਡਾਕਟਰ ਮੁਖਤਿਆਰ ਸਿੰਘ ਭੁੱਲਰ, ਅਕਾਲੀ ਦਲ ਪੁਨਰ ਸੁਰਜੀਤ, ਭਾਈ ਬਲਕਾਰ ਸਿੰਘ ਆਗੂ ਪੰਜ ਪਿਆਰੇ, ਦਵਿੰਦਰ ਸਿੰਘ ਸੇਖੋਂ ਅਤੇ ਮਾਨ ਸਿੰਘ ਕਿਲੀ ਮਿਸਾਲ ਸਤਿਲੁਜ, ਕੁਲਵੰਤ ਸਿੰਘ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ, ਹਿਮੰਤ ਸਿੰਘ ਏਕ ਨੂਰ ਖਾਲਸਾ ਫੌਜ, ਜਸਪਾਲ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਬਾਬਾ ਬੋਹੜ ਸਿੰਘ ਤੂਤ, ਸੁਬੇਦਾਰ ਚਰਨ ਸਿੰਘ ਕੀਰਤੀ ਚੱਕਰ, ਜਸਬੀਰ ਸਿੰਘ ਭੁੱਲਰ ਆਦਿ ਸ਼ਾਮਲ ਸਨ।