ਮੰਡੀਆਂ ਦੇ ਨਿੱਜੀਕਰਨ ਦੀ ਚਰਚਾ ’ਤੇ ਕਿਸਾਨਾਂ ਦਾ ਗੁੱਸਾ ਭੜਕਿਆ
ਮੰਡੀਆਂ ਦੇ ਨਿੱਜੀਕਰਨ ਦੀ ਚਰਚਾ ’ਤੇ ਕਿਸਾਨਾਂ ਦਾ ਗੁੱਸਾ ਭੜਕਿਆ
Publish Date: Wed, 08 Apr 2026 03:38 PM (IST)
Updated Date: Wed, 08 Apr 2026 03:41 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਪੰਜਾਬ ਵਿਚ ਮੰਡੀਆਂ ਅਤੇ ਉਦਯੋਗਿਕ ਢਾਂਚੇ ਨੂੰ ਨਿੱਜੀ ਹੱਥਾਂ ਵਿਚ ਦੇਣ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਬਿਆਨ ਤੋਂ ਬਾਅਦ ਕਿਸਾਨ ਵਰਗ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਇਸ ਬਿਆਨ ਨੂੰ ਖੇਤੀਬਾੜੀ ਪ੍ਰਣਾਲੀ ਲਈ ਗੰਭੀਰ ਖਤਰਾ ਕਰਾਰ ਦਿੰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਮੀਡੀਆ ਇੰਚਾਰਜ ਗੈਰੀ ਬੰਡਾਲਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਕਿਹਾ ਕਿ ਜੇਕਰ ਫੋਕਲ ਪੁਆਇੰਟਾਂ ਅਤੇ ਮੰਡੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਗਿਆ ਤਾਂ ਇਹ ਮੰਡੀਕਰਨ ਬੋਰਡ ਨੂੰ ਖਤਮ ਕਰਨ ਵੱਲ ਵੱਡਾ ਕਦਮ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਦੀ ਖੇਤੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਟੁੱਟ ਜਾਵੇਗੀ ਅਤੇ ਕਿਸਾਨ ਆਪਣੀ ਹੀ ਫਸਲ ਵੇਚਣ ਲਈ ਬੇਸਹਾਰਾ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰੀ ਖਰੀਦ ਪ੍ਰਣਾਲੀ ਕਿਸਾਨਾਂ ਲਈ ਇੱਕ ਸੁਰੱਖਿਆ ਕਵਚ ਵਾਂਗ ਕੰਮ ਕਰਦੀ ਹੈ,ਪਰ ਨਿੱਜੀਕਰਨ ਨਾਲ ਇਹ ਪੂਰੀ ਤਰ੍ਹਾਂ ਖਤਮ ਹੋ ਸਕਦੀ ਹੈ।ਅਜਿਹੇ ਹਾਲਾਤਾਂ ਵਿੱਚ ਕਿਸਾਨਾਂ ਨੂੰ ਆਪਣੀ ਮਿਹਨਤ ਦੀ ਕਮਾਈ ਗਲੀ-ਗਲੀ ਵੇਚਣ ਲਈ ਮਜਬੂਰ ਹੋਣਾ ਪੈ ਸਕਦਾ ਹੈ,ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਡਾਂਵਾਂਡੋਲ ਹੋ ਜਾਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਨੀਤੀ ਵਾਪਸ ਨਾ ਲਈ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰ ’ਤੇ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਨੇ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਕਿਸਾਨ ਵਿਰੋਧੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਤਾਂ ਜੋ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਦੀ ਹੋਂਦ ਨੂੰ ਬਚਾਇਆ ਜਾ ਸਕੇ।