- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਵੱਲੋਂ ਸਬਸਿਡੀ ’ਤੇ ਬੇਲਰ ਲੈ ਕੇ ਪਰਾਲੀ ਪ੍ਰਬੰਧਨ ਵਿਚ ਪਾਇਆ ਜਾ ਰਿਹਾ ਅਹਿਮ ਯੋਗਦਾਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਵਿਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਬਲਾਕ ਮਮਦੋਟ ਦੇ ਪਿੰਡ ਲੱਖਾ ਹਾਜ਼ੀ ਦੇ ਕਿਸਾਨ ਜਸਗੀਰ ਸਿੰਘ ਪੁੱਤਰ ਪਿਆਰਾ ਸਿੰਘ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ’ਤੇ ਬੇਲਰ ਪ੍ਰਾਪਤ ਕਰਕੇ ਪਰਾਲੀ ਪ੍ਰਬੰਧਨ ਦਾ ਕੰਮ ਸ਼ੁਰੂ ਕੀਤਾ ਹੈ। ਕਿਸਾਨ ਜਸਗੀਰ ਸਿੰਘ ਵੱਲੋਂ ਆਪਣੇ ਪਿੰਡ ਲੱਖਾ ਹਾਜ਼ੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਬੇਲਰ ਦੀ ਮੱਦਦ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਦੀ ਬਜਾਏ ਉਸ ਦੀ ਸੁਚੱਜੀ ਸੰਭਾਲ ਅਤੇ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਵੱਲੋਂ ਕਿਸਾਨ ਦੇ ਖੇਤਾਂ ਦਾ ਦੌਰਾ ਕਰਕੇ ਬੇਲਰ ਰਾਹੀਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਮੱਦਦ ਮਿਲਦੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬੇਲਰ, ਸੁਪਰ ਸੀਡਰ ਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ। ਇਸ ਨਾਲ ਜਿੱਥੇ ਵਾਤਾਵਰਣ ਦੀ ਸੰਭਾਲ ਹੋਵੇਗੀ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿਚ ਵੀ ਮੱਦਦ ਮਿਲੇਗੀ। ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ।