ਝੋਨੇ ਦੀ ਖ਼ਰੀਦ ਤੇ ਚੁਕਾਈ ਨਾ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦਿੱਤਾ ਧਰਨਾ ਫ਼ਿਰੋਜ਼ਪੁਰ-ਜ਼ੀਰਾ ਮਾਰਗ ’ਤੇ ਝੋਨੇ ਦੀ ਖ਼ਰੀਦ ਤੇ ਚੁਕਾਈ ਨਾ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵੱਲੋਂ ਵਿਸ਼ਾਲ ਧਰਨਾ
Publish Date: Mon, 16 Nov 2026 05:46 PM (IST)
Updated Date: Mon, 16 Nov 2026 05:48 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਮੁਕੰਮਲ ਤੌਰ ’ਤੇ ਬੰਦ ਹੋਣ ਅਤੇ ਖ਼ਰੀਦ ਏਜੰਸੀਆਂ ਵੱਲੋਂ ਪਹਿਲਾਂ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ’ਤੇ ਪਿੰਡ ਕੁੱਲਗੜ੍ਹੀ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਤੱਕ ਇਕ ਭਾਰੀ ਧਰਨਾ ਲਗਾਇਆ ਗਿਆ। ਇਸ ਧਰਨੇ ਦੌਰਾਨ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇ ਵਾਲਾ, ਜਗਰਾਜ ਸਿੰਘ ਫੇਰੋਕੇ ਸੀਨੀਅਰ ਮੀਤ ਪ੍ਰਧਾਨ, ਗੁਲਜ਼ਾਰ ਸਿੰਘ ਗੋਗੋਆਣੀ, ਬੋਹੜ ਸਿੰਘ ਧੀਰਾ ਘਾਰਾ, ਕੁਲਵਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਪੱਲੇ ਵਾਲਾ, ਮਨਜੀਤ ਸਿੰਘ ਲੋਹਗੜ੍ਹ, ਬਾਜ਼ ਸਿੰਘ ਸੁਰ ਸਿੰਘ ਵਾਲਾ, ਬਲਵਿੰਦਰ ਸਿੰਘ ਹਾਮਦ ਵਾਲਾ ਅਤੇ ਹਰਜਿੰਦਰ ਸਿੰਘ ਖਾਲਸਾ ਆਦਿ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਅੰਨਦਾਤਾ, ਆੜ੍ਹਤੀਆ ਅਤੇ ਮਜ਼ਦੂਰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਧਰਨੇ ਦੇ ਪੂਰੇ ਦਿਨ ਦੌਰਾਨ ਜਦੋਂ ਕੋਈ ਵੀ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਮੁਸ਼ਕਲਾਂ ਦਾ ਜਾਇਜ਼ਾ ਲੈਣ ਨਹੀਂ ਪਹੁੰਚਿਆ, ਤਾਂ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਹੋਰ ਭੜਕ ਉੱਠਿਆ। ਉਨ੍ਹਾਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਸਬ ਡਵੀਜ਼ਨ ਮੈਜਿਸਟਰੇਟ (ਐੱਸ.ਡੀ.ਐੱਮ.) ਫ਼ਿਰੋਜ਼ਪੁਰ, ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਖ਼ਿਲਾਫ਼ ਨਿਾਅਰੇ ਲਗਾਏ। ਕਿਸਾਨ ਆਗੂਆਂ ਨੇ ਆਖਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਲਿਫਟਿੰਗ ਸ਼ੁਰੂ ਨਾ ਕੀਤੀ ਗਈ, ਤਾਂ 19 ਨਵੰਬਰ ਨੂੰ ਇੱਕ ਵੱਡਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਅਵਤਾਰ ਸਿੰਘ ਰੁਕਨ ਸ਼ਾਹ, ਮਲਕੀਤ ਸਿੰਘ ਲੋਹਗੜ੍ਹ, ਪ੍ਰਮੋਦ ਗਰਗ, ਜਰਨੈਲ ਸਿੰਘ ਲੋਹਗੜ੍ਹ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਸ਼ਰਨਜੀਤ ਸਿੰਘ, ਕਿੱਕਰ ਸਿੰਘ, ਰਮੇਸ਼ ਕੁਮਾਰ ਮੈਨੀ ਅਤੇ ਗੁਰਚਰਨ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿੱਚ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।