ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੁਪਹਿਰ ਨੂੰ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਨੇ ਸੱਤ ਨੰਬਰ ਚੂੰਗੀ ਤੋਂ ਸ਼ੁਰੂ ਕਰਕੇ ਸ਼ਹੀਦ ਊਧਮ ਸਿੰਘ ਚੌਂਕ ਅਤੇ ਐੱਸਐੱਸਪੀ ਦਫਤਰ ਫਿਰੋਜ਼ਪੁਰ ਤੱਕ ਮੋਟਰਸਾਈਕਲ ਮਾਰਚ ਕੀਤਾ। ਇਸ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੀਕੇਯੂ ਏਕਤਾ ਸਿੱਧੂਪੁਰ ਬੀਕੇਯੂ ਰਾਜੇਵਾਲ ਬੀਕੇਯੂ ਕਾਦੀਆਂ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ । ਇਸ ਮੌਕੇ ਮਾਰਚ ਵਿਚ ਸ਼ਾਮਲ ਵੱਡੀ ਗਿਣਤੀ ਨੌਜਵਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਇਆ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਇਕ ਪਾਸੇ ਦੇਸ਼ ਦੇ ਹਾਕਮ 15 ਅਗਸਤ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ ਤਾਂ ਦੂਜੇ ਪਾਸੇ ਕਿਸਾਨ ਆਪਣੀ ਹੋਂਦ ਨੂੰ ਬਚਾਉਣ ਲਈ ਸੜਕਾਂ ਉੱਪਰ ਰੁਲ ਰਿਹਾ ਹੈ। ਉਨਾਂ੍ਹ ਕਿਹਾ ਕਿ ਸ਼ਹੀਦ ਭਗਤ ਸਿੰਘ ਉਨਾਂ੍ਹ ਦੇ ਵਿਚਾਰਾਂ ਦੀ ਆਜ਼ਾਦੀ ਲਿਆਉਣ ਲਈ ਅਜੇ ਬਹੁਤ ਸੰਘਰਸ਼ ਦੀ ਲੋੜ ਪਵੇਗੀ। ਉਨਾਂ੍ਹ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਸੰਘਰਸ਼ ਸਾਮਰਾਜ ਵਿਰੋਧੀ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਹੈ । ਉਨਾਂ੍ਹ ਕਿਹਾ ਕਿ ਜਿਨਾਂ੍ਹ ਚਿਰ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਦੀਆਂ ਰਹਿਣਗੀਆਂ। ਇਸ ਰੋਸ ਮਾਰਚ ਦੀ ਸਮਾਪਤੀ ਵੇਲੇ ਐੱਸਐੱਸਪੀ ਦਫਤਰ ਫਿਰੋਜ਼ਪੁਰ ਸਾਹਮਣੇ ਸੜਕ ਜਾਮ ਕਰਕੇ ਮੁਜ਼ਾਹਰਾਕਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਚਾਰ ਦਿਨਾਂ ਤੋਂ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਸੁੰਦਰ ਵਾਲੇ ਝੁੱਗੇ ਦੇ ਸ਼ਿੰਦਰ ਸਿੰਘ ਨਾਮੀ ਨੌਜਵਾਨ ਨੂੰ ਪੁਲਿਸ ਨੇ ਅਗਵਾ ਕੀਤਾ ਹੋਇਆ ਹੈ ਜਿਸ ਦਾ ਕੋਈ ਥਹੁ ਪਤਾ ਨਹੀਂ ਲੱਗ ਰਿਹਾ। ਜਿਸ ਨੂੰ ਰਿਹਾਅ ਕਰਵਾਉਣ ਲਈ ਤਕਰੀਬਨ ਪੌਣਾ ਘੰਟਾ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕੱਲ੍ਹ ਤੱਕ ਦੀ ਚਿਤਾਵਨੀ ਦੇ ਕੇ ਧਰਨਾ ਚੁੱਕ ਲਿਆ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਸ਼ਾਮ ਤੱਕ ਸ਼ਿੰਦਰ ਸਿੰਘ ਦਾ ਕੋਈ ਪਤਾ ਨਾ ਦੱਸਿਆ ਗਿਆ ਤਾਂ ਮੀਟਿੰਗ ਕਰਕੇ ਅਗਲਾ ਵੱਡਾ ਐਕਸ਼ਨ ਉਲੀਕਿਆ ਜਾਵੇਗਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਪੋਜੋ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਜਿੰਦਰ ਸਿੰਘ ਮੀਤ ਪ੍ਰਧਾਨ, ਗੁਰਿੰਦਰ ਸਿੰਘ ਖਹਿਰਾ, ਜਰਨੈਲ ਸਿੰਘ, ਹਰਵਿੰਦਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ, ਸੁਖਦੇਵ ਸਿੰਘ ਅਰਾਈਆਂਵਾਲਾ, ਮਲਕੀਅਤ ਸਿੰਘ ਬੀਕੇਯੂ ਰਾਜੇਵਾਲ ਦੇ ਜੱਸਾ ਸਿੰਘ ਮਾਛੀਵਾੜਾ, ਅਵਤਾਰ ਸਿੰਘ ਸ਼ੇਰਖਾਂ, ਬੀਕੇਯੂ ਏਕਤਾ ਸਿੱਧੂਪੁਰ ਦੇ ਪਰਮਜੀਤ ਸਿੰਘ ਮੱਬੋ ਕੇ ਗੁਣਵੰਤ ਸਿੰਘ ਗੁਰਸੇਵ ਸਿੰਘ ਧਾਲੀਵਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ।