ਝੋਨੇ ਦੀ ਲਗਵਾਈ ਦੌਰਾਨ ਨਹਿਰੀ ਪਾਣੀ ਨਾ ਮਿਲਣ ਕਾਰਨ ਫਿਰੋਜ਼ਪੁਰ ਦੇ ਕਿਸਾਨਾਂ ’ਚ ਰੋਸ
ਝੋਨੇ ਦੀ ਲਗਵਾਈ ਦੌਰਾਨ ਨਹਿਰੀ ਪਾਣੀ ਨਾ ਮਿਲਣ ਕਾਰਨ ਫਿਰੋਜ਼ਪੁਰ ਦੇ ਕਿਸਾਨਾਂ ਵਿਚ ਰੋਸ
Publish Date: Mon, 08 Jun 2026 04:33 PM (IST)
Updated Date: Mon, 08 Jun 2026 04:35 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਲਗਵਾਈ 5 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਸਮਤੀ-1401 (ਮੁੱਛਲ), ਪੀਆਰ-131, ਪੀਆਰ-114 ਅਤੇ ਹੋਰ ਕਿਸਮਾਂ ਦੇ ਝੋਨੇ ਦੀ ਬਿਜਾਈ ਜ਼ੋਰਾਂ ’ਤੇ ਚੱਲ ਰਹੀ ਹੈ। ਕਿਸਾਨ ਖੇਤਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਫਸਲ ਦੀ ਲਗਵਾਈ ਨੂੰ ਅੰਤਿਮ ਰੂਪ ਦੇਣ ਵਿਚ ਰੁੱਝੇ ਹੋਏ ਹਨ। ਪਰ ਇਸ ਅਹਿਮ ਸਮੇਂ ਦੌਰਾਨ ਨਹਿਰੀ ਪਾਣੀ ਦੀ ਘਾਟ ਕਿਸਾਨਾਂ ਲਈ ਵੱਡੀ ਚਿੰਤਾ ਦਾ ਕਾਰਨ ਬਣੀ ਹੋਈ ਹੈ। ਇਕ ਪਾਸੇ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਟਿਊਬਵੈੱਲਾਂ ਲਈ ਕਰੀਬ ਅੱਠ ਘੰਟੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕੁਝ ਹੱਦ ਤੱਕ ਰਾਹਤ ਮਿਲ ਰਹੀ ਹੈ। ਦੂਜੇ ਪਾਸੇ ਨਹਿਰਾਂ ਅਤੇ ਮਾਈਨਰਾਂ ਵਿਚ ਪਾਣੀ ਨਾ ਹੋਣ ਕਾਰਨ ਕਿਸਾਨਾਂ ਨੂੰ ਪੂਰੀ ਤਰ੍ਹਾਂ ਟਿਊਬਵੈੱਲਾਂ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਹਿਰੀ ਪਾਣੀ ਦੀ ਸਪਲਾਈ ਵੀ ਨਾਲ-ਨਾਲ ਚੱਲਦੀ ਰਹੇ ਤਾਂ ਉਨ੍ਹਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲ ਸਕਦੀ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਬਚਤ ਵੀ ਹੋ ਸਕਦੀ ਹੈ। ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਲਗਵਾਈ ਦੇ ਸ਼ੁਰੂਆਤੀ ਦਿਨਾਂ ਵਿਚ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਅਜਿਹੇ ਸਮੇਂ ’ਤੇ ਨਹਿਰੀ ਪਾਣੀ ਨਾ ਮਿਲਣ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਨੂੰ ਵਾਧੂ ਖਰਚਾ ਕਰਕੇ ਟਿਊਬਵੈੱਲਾਂ ਰਾਹੀਂ ਸਿੰਚਾਈ ਕਰਨੀ ਪੈ ਰਹੀ ਹੈ। ਇਸ ਨਾਲ ਡੀਜ਼ਲ, ਬਿਜਲੀ ਅਤੇ ਖੇਤੀਬਾੜੀ ਦੇ ਹੋਰ ਖਰਚਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਲਗਾਤਾਰ ਟਿਊਬਵੈੱਲਾਂ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਰ ਗਿਰਾਵਟ ਆਉਣ ਦਾ ਖਤਰਾ ਵੀ ਬਣਿਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਹਾਲਾਤ ਵੀ ਕੁਝ ਅਜਿਹੇ ਹੀ ਹਨ। ਇਕ ਪਾਸੇ ਰਾਜਸਥਾਨ ਨੂੰ ਜਾਣ ਵਾਲੀ ਫਿਰੋਜ਼ਪੁਰ ਫੀਡਰ ਨਹਿਰ ਵਿਚ ਪੂਰੀ ਸਮਰੱਥਾ ਨਾਲ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਉੱਥੇ ਪਾਣੀ ਦੀ ਸਪਲਾਈ ਨਿਰੰਤਰ ਜਾਰੀ ਹੈ, ਜਦਕਿ ਸਥਾਨਕ ਕਿਸਾਨ ਆਪਣੀਆਂ ਫਸਲਾਂ ਲਈ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਾਸੂ ਬੇਗੂ ਮਾਈਨਰ, ਸੱਪਾਂਵਾਲੀ ਰਜਵਾਹਾ ਅਤੇ ਹੋਰ ਮਹੱਤਵਪੂਰਨ ਨਹਿਰੀ ਸ਼ਾਖਾਵਾਂ ਵਿਚ ਪਾਣੀ ਨਾ ਛੱਡੇ ਜਾਣ ਕਾਰਨ ਕਈ ਪਿੰਡਾਂ ਦੇ ਕਿਸਾਨ ਪ੍ਰਭਾਵਿਤ ਹੋ ਰਹੇ ਹਨ। ਇਨ੍ਹਾਂ ਖੇਤਰਾਂ ਵਿਚ ਝੋਨੇ ਦੀ ਲਗਵਾਈ ਪੂਰੇ ਜੋਰਾਂ ’ਤੇ ਹੈ, ਪਰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਉਪਲਬਧ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਪ੍ਰਭਾਵਿਤ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੰਚਾਈ ਵਿਭਾਗ ਵੱਲੋਂ ਅਕਸਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਬਚਤ ਦੀ ਗੱਲ ਕੀਤੀ ਜਾਂਦੀ ਹੈ। ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਦੀ ਹੈ, ਪਰ ਜਦੋਂ ਖੇਤਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ, ਉਸ ਵੇਲੇ ਨਹਿਰਾਂ ਵਿਚ ਪਾਣੀ ਨਾ ਹੋਣਾ ਸਰਕਾਰੀ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਸੱਚਮੁੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਚਾਹੁੰਦੀ ਹੈ ਤਾਂ ਨਹਿਰੀ ਪਾਣੀ ਦੀ ਸਪਲਾਈ ਨੂੰ ਪਹਿਲ ਦੇਣੀ ਹੋਵੇਗੀ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਸਿੰਚਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਕਾਸੂ ਬੇਗੂ ਮਾਈਨਰ ਰਜਵਾਹਾ, ਸੱਪਾਂ ਵਾਲੀ ਮਾਈਨਰ ਅਤੇ ਹੋਰ ਸਥਾਨਕ ਨਹਿਰੀ ਸ਼ਾਖਾਵਾਂ ਵਿੱਚ ਪਾਣੀ ਛੱਡਿਆ ਜਾਵੇ ਤਾਂ ਜੋ ਝੋਨੇ ਦੀ ਲਗਵਾਈ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ ਅਤੇ ਕਿਸਾਨਾਂ ਨੂੰ ਵਾਧੂ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਸਿੰਚਾਈ ਵਿਭਾਗ ਦੇ ਐਕਸੀਅਨ ਸੰਦੀਪ ਕੰਬੋਜ਼ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਾਸੂ ਬੇਗੂ ਮਾਈਨਰ, ਹਰੀ ਹਰ ਮਾਈਨਰ ਸਮੇਤ ਸਾਰੇ ਲੋਕਲ ਰਜਵਾਹਿਆਂ ਵਿਚ ਜਲਦੀ ਹੀ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਉਹ ਭਰੋਸਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਾਰਵਾਈ ਦੇਖਣਾ ਚਾਹੁੰਦੇ ਹਨ। ਝੋਨੇ ਦੀ ਲਗਵਾਈ ਦੇ ਇਸ ਨਾਜ਼ੁਕ ਦੌਰ ਵਿਚ ਨਹਿਰੀ ਪਾਣੀ ਦੀ ਸਮੇਂ ਸਿਰ ਸਪਲਾਈ ਹੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰ ਸਕਦੀ ਹੈ।