ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਸ਼ਾਹ ਮਾਰਗ ’ਤੇ ਟੋਲ ਫ੍ਰੀ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਸ਼ਾਹਮਾਰਗ ’ਤੇ ਟੋਲ ਮੁਫ਼ਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Thu, 23 Jul 2026 06:29 PM (IST)
Updated Date: Thu, 23 Jul 2026 06:31 PM (IST)
- ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਦਕੀ ਨੇੜੇ ਕੋਟ ਕਰੋੜ ਕਲਾਂ ਟੋਲ ਪਲਾਜ਼ਾ ’ਤੇ ਲਾਇਆ ਧਰਨਾ ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਹੋਰ ਲਮਕਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮੁੱਦਕੀ ਨੇੜਲੇ ਪਿੰਡ ਕੋਟ ਕਰੋੜ ਕਲਾਂ ਵਿਖੇ ਕੌਮੀ ਸ਼ਾਹਮਾਰਗ 54 ’ਤੇ ਸਥਿਤ ਟੋਲ ਪਲਾਜ਼ਾ ਉੱਤੇ ਜ਼ਬਰਦਸਤ ਧਰਨਾ ਦਿੱਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਪਰਚੀ-ਮੁਕਤ ਕਰਵਾਇਆ ਗਿਆ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਬਣਾ ਰਹੀ ਹੈ। ਸਰਕਾਰ ਵੱਲੋਂ ਭਾਰਤ ਅਤੇ ਅਮਰੀਕਾ ਵਿਚਕਾਰ ਕੀਤਾ ਜਾ ਰਿਹਾ ਕਰ-ਮੁਕਤ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਲਈ ਬੇਹੱਦ ਘਾਤਕ ਸਿੱਧ ਹੋਵੇਗਾ, ਜਿਸ ਨੂੰ ਕਿਸਾਨੀ ਸੰਘਰਸ਼ ਦੇ ਬਲਬੂਤੇ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਨਾਲ ਨਾ ਸਿਰਫ਼ ਮਹਿੰਗਾਈ ਵਧੇਗੀ, ਸਗੋਂ ਹਰ ਵਰਗ ਦੇ ਲੋਕਾਂ ਨੂੰ ਭਾਰੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪਵੇਗਾ। ਇਹ ਨੀਤੀ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗੀ। ਇਸ ਦਾ ਸਭ ਤੋਂ ਮਾੜਾ ਅਸਰ ਡੇਅਰੀ ਫਾਰਮਿੰਗ, ਮੁਰਗੀ ਪਾਲਣ (ਪੋਲਟਰੀ) ਅਤੇ ਬਾਗਬਾਨੀ ਵਰਗੇ ਸਹਾਇਕ ਧੰਦਿਆਂ ’ਤੇ ਪਵੇਗਾ, ਜਿਸ ਨਾਲ ਇਹ ਸਾਰੇ ਕਿੱਤੇ ਡੂੰਘੇ ਸੰਕਟ ਵਿੱਚ ਗਰਕ ਹੋ ਜਾਣਗੇ। ਆਗੂਆਂ ਨੇ ਆਖਿਆ ਕਿ ਖੇਤੀ ਸੈਕਟਰ ਦੇ ਉੱਜੜਨ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਛੋਟੇ ਦੁਕਾਨਦਾਰ, ਦਿਹਾੜੀਦਾਰ ਮਜ਼ਦੂਰ ਅਤੇ ਕਾਰੋਬਾਰੀ ਵਰਗ ਵੀ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਣਗੇ। ਦੇਸ਼ ਦੀ ਸਮੁੱਚੀ ਆਰਥਿਕਤਾ ਨੂੰ ਇਸ ਦੀ ਵੱਡੀ ਕੀਮਤ ਤਾਰਨੀ ਪਵੇਗੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਕੱਬਰਵੱਛਾ, ਮਾਸਟਰ ਛਿੰਦਰ ਸਿੰਘ ਪੀਟੀਆਈ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮੁੱਦਕੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੁੱਦਕੀ ਦੇ ਇਕਾਈ ਪ੍ਰਧਾਨ ਗੁਰਜੰਟ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਤੋਂ ਇਲਾਵਾ ਸੁਖਮੰਦਰ ਸਿੰਘ ਖੋਸਾ, ਸਤਵੰਤ ਸਿੰਘ ਖੋਸਾ ਅਤੇ ਜਥੇਦਾਰ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਵਰਕਰ ਹਾਜ਼ਰ ਸਨ।