ਸੁਖਵਿੰਦਰ ਥਿੰਦ, ਫਾਜ਼ਿਲਕਾ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ 'ਚ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਓਡੀਆ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਮੈਡਮ ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆਂ ਨਾਲ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸੁਪਰ ਮੈਨੇਜਮੈਂਟ ਪੈਡੀ ਸਟਰਾਅ ਰਾਹੀਂ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੀ ਰਹਿੰਦ-ਖੂੰਹਦ ਤੇ ਇਸ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਫਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਜ਼ਿਲੇ੍ਹ ਅੰਦਰ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੋਰਨਾ ਕਿਸਾਨਾਂ ਨੂੰ ਉਹ ਫਸਲ ਵੀ ਦਿਖਾਈ ਜਾ ਰਹੀ ਹੈ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜਮੀਨ ਵਿੱਚ ਦਬਾ ਦਿੱਤਾ ਗਿਆ ਸੀ। ਅਜਿਹੀ ਜ਼ਮੀਨ ਵਿੱਚ ਕਣਕ ਦੀ ਫਸਲ ਵਧੀਆ ਹਾਲਤ ਵਿੱਚ ਹੈ ਅਤੇ ਉਥੇ ਫਸਲ ਦਾ ਝਾੜ ਵੀ ਆਮ ਜਮੀਨ ਵਿੱਚ ਬੀਜੀਆਂ ਗਈਆਂ ਫਸਲਾਂ ਨਾਲੋਂ ਵਧੇਰੇ ਹੋਵੇਗਾ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਜੈ ਨੇ ਕਿਸਾਨਾਂ ਨੂੰ ਦੱਸਿਆ ਕਿ ਆਪਣੀ ਫ਼ਸਲ 'ਤੇ ਅੰਧੇਧੁੰਦ ਕੀਟਨਾਸ਼ਕਾਂ, ਖਾਦਾਂ ਤੇ ਸਪਰੇਆਂ ਦਾ ਿਛੜਕਾਅ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਆਪਣੀ ਫਸਲ 'ਤੇ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਕੀਤੀਆਂ ਖਾਦਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੀ ਫਸਲ ਦਾ ਵੱਧ ਝਾੜ ਪ੍ਾਪਤ ਹੋ ਸਕੇ।