ਝੋਨੇ ਵਿਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ : ਪੀਏਯੂ ਝੋਨੇ ਵਿਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ: ਪੀਏਯੂ-ਕ੍ਰਿਸ਼ੀ ਵਿਗਆਨ ਕੇਂਦਰ
Publish Date: Thu, 23 Jul 2026 04:07 PM (IST)
Updated Date: Thu, 23 Jul 2026 04:10 PM (IST)
- ਬਿਨਾਂ ਮਾਹਿਰਾਂ ਦੀ ਸਲਾਹ ਦੇ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਡਾ. ਗੁਰਮੇਲ ਸਿੰਘ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡ ਰੁਕਨੇ ਵਾਲਾ, ਹਾਮਦ ਵਾਲਾ, ਆਰਿਫ਼ ਕੇ, ਵਾਕਾ ਮੌੜ, ਕਰੀ ਕਲਾਂ, ਅਲਫੂ ਕੇ, ਲੱਖੋ ਕੇ ਬਹਿਰਾਮ ਅਤੇ ਚੱਕ ਹਾਰਾਜ਼ ਬੈਰਕਾਂ ਵਿੱਚ ਝੋਨੇ ਦੀ ਫ਼ਸਲ ਦਾ ਸਰਵੇਖਣ ਕਰਕੇ ਮਧਰੇਪਣ ਰੋਗ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਡਾ. ਗੁਰਮੇਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਦਾ ਲਗਾਤਾਰ ਦੌਰਾ ਕਰਨ ਅਤੇ ਕਿਸੇ ਵੀ ਕੀੜੇ ਜਾਂ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਬਿਨਾਂ ਮਾਹਿਰਾਂ ਦੀ ਸਲਾਹ ਦੇ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕਿਸੇ ਵੀ ਸ਼ੱਕੀ ਸਥਿਤੀ ਵਿੱਚ ਤੁਰੰਤ ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਨਿਗਰਾਨੀ ਅਤੇ ਵਿਗਿਆਨਕ ਪ੍ਰਬੰਧ ਨਾਲ ਫ਼ਸਲ ਨੂੰ ਸੰਭਾਵੀ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਡਾ. ਹਰਵਿੰਦਰ ਸਿੰਘ ਬੁੱਟਰ, ਸਹਾਇਕ ਪ੍ਰੋਫ਼ੇਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਝੋਨੇ ਦੇ ਬੂਟਿਆਂ ਦਾ ਮੱਧਰੇ ਰਹਿ ਜਾਣਾ ਇਕ ਵਿਸ਼ਾਣੂ ਰੋਗ ਹੈ ਅਤੇ ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਪੱਤੇ ਨੌਕਦਾਰ ਅਤੇ ਬੂਟਿਆਂ ਦੀਆਂ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇਕ ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਮੁੰਜਰਾਂ ਵਿਚ ਦਾਣੇ ਨਹੀਂ ਬਣਦੇ ਤੇ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ। ਡਾ. ਗੁਰਮੇਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਖੇਤ ਦਾ ਸਰਵੇਖਣ ਜ਼ਰੂਰ ਕੀਤਾ ਜਾਵੇ। ਖੇਤ ਵਿਚ ਇਸ ਟਿੱਡੇ ਦੀ ਮੌਜ਼ੂਦਗੀ ਦੀ ਜਾਂਚ ਲਈ ਕੁਝ ਕੁ ਬੂਟਿਆਂ ਨੂੰ ਟੇਢੇ ਕਰਕੇ ਹੇਠਾਂ ਤੋਂ 2-3 ਵਾਰੀ ਝਾੜੋ। ਜੇਕਰ ਇਸ ਦੇ ਨਿੰਫ ਜਾਂ ਬਾਲਗ ਟਿੱਡੇ ਪਾਣੀ ਉੱਤੇ ਤਰਦੇ ਨਜ਼ਰ ਆਉਣ ਤਾਂ ਫ਼ਸਲ ਉੱਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਟਨਾਸ਼ਕ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਖੇਤ ਦੀਆਂ ਵੱਟਾਂ, ਬੰਨ੍ਹਾਂ ਅਤੇ ਖਾਲਾਂ ਨੂੰ ਨਦੀਨਾਂ ਤੋਂ ਸਾਫ਼ ਰੱਖਿਆ ਜਾਵੇ, ਪਿਛਲੇ ਸਾਲ ਪ੍ਰਭਾਵਿਤ ਰਹੇ ਖੇਤਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਨਾਈਟਰੋਜਨ ਵਾਲੀਆਂ ਖਾਦਾਂ ਦੀ ਵਰਤੋਂ ਸਿਫ਼ਾਰਸ਼ ਕੀਤੀ ਮਾਤਰਾ ਅਨੁਸਾਰ ਹੀ ਕੀਤੀ ਜਾਵੇ। ਦੌਰੇ ਦੌਰਾਨ ਡਾ. ਬੀ ਐੱਸ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪੀਏਯੂ ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਸੰਬੰਧੀ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੀਏਯੂ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਸੁਝਾਅ ਦਿੱਤੇ।