ਮੰਗਾਂ ਸਬੰਧੀ ਗਵਰਨਰ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ
ਕਿਸਾਨ ਯੂਨੀਅਨ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗਵਰਨਰ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Mon, 06 Apr 2026 05:09 PM (IST)
Updated Date: Mon, 06 Apr 2026 05:10 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਕਿਸਾਨ ਯੂਨੀਅਨ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਪੂਰਾ ਕਰਵਾਉਣ ਨੂੰ ਲੈ ਕੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਸ਼ਾਂਤਮਈ ਰੈਲੀ ਕਰਦੇ ਹੋਏ ਡੀਸੀ ਫਿਰੋਜ਼ਪੁਰ ਨੂੰ ਪੰਜਾਬ ਦੇ ਗਵਰਨਰ ਦੇ ਨਾਂ ’ਤੇ ਇੱਕ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਆਗੂ ਜੰਗੀਰ ਸਿੰਘ ਖਹਿਰਾ, ਹਰਨੇਕ ਸਿੰਘ ਮਹਿਮਾ, ਗੁਰਨੇਕ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਪ੍ਰਗਟ ਸਿੰਘ, ਕਸ਼ਮੀਰ ਸਿੰਘ, ਗੁਰਨਾਮ ਸਿੰਘ, ਰਛਪਾਲ ਸਿੰਘ ਸੰਧੂ, ਸੂਜ ਪ੍ਰਕਾਸ਼ ਆਦਿ ਨੇ ਕਿਹਾ ਕਿ ਖੇਤੀਬਾੜੀ ਖੇਤਰ ਦੇਸ਼ ਦੀ 60 ਫੀਸਦੀ ਆਬਾਦੀ ਦੀ ਰੋਜ਼ੀ-ਰੋਟੀ ਦਾ ਸਾਧਨ ਹੈ ਅਤੇ 46 ਫੀਸਦੀ ਆਬਾਦੀ ਸਿੱਧੇ ਤੌਰ ’ਤੇ ਖੇਤੀ ਕਾਰਜਾਂ ਵਿਚ ਲੱਗੀ ਹੋਈ ਹੈ, ਪਰ ਖੇਤੀਬਾੜੀ ਖੇਤਰ ਅੱਜ ਗੰਭੀਰ ਸੰਕਟ ਦਾ ਸ਼ਿਕਾਰ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਨਾ ਦਿੱਤੇ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਹਵਾ, ਪਾਣੀ ਦੂਸ਼ਿਤ ਹੋਣ ਅਤੇ ਕਈ ਤਰ੍ਹਾਂ ਦੀਆਂ ਫ਼ਸਲੀ ਬਿਮਾਰੀਆਂ ਨਾਲ ਜੂਝ ਰਿਹਾ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਨੂੰ ਉੱਚ ਪੱਧਰੀ ਕਦਮ ਚੁੱਕਣ ਦੀ ਲੋੜ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਅਦਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਰੈਲੀ ਕਰਕੇ ਡੀਸੀ ਫਿਰੋਜ਼ਪੁਰ ਨੂੰ ਪੰਜਾਬ ਦੇ ਗਵਰਨਰ ਦੇ ਨਾਂ ਤੇ ਮੰਗ ਪੱਤਰ ਸੌਂਪਿਆ ਗਿਆ ਹੈ ਅਤੇ ਜੇਕਰ ਇਸ ਮੰਗ ਪੱਤਰ ਵਿਚ ਦਰਜ ਕੀਤੀਆਂ ਗਈਆਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਸੰਘਰਸ਼ ਕਰਨਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।