ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਐੱਸ.ਈ ਡਵੀਜ਼ਨ-1 ਫਿਰੋਜ਼ਪੁਰ ਦਫ਼ਤਰ ਅੱਗੇ ਧਰਨਾ
Publish Date: Tue, 30 Jun 2026 04:46 PM (IST)
Updated Date: Tue, 30 Jun 2026 04:49 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਏਸੀ ਡਵੀਜ਼ਨ-1 ਬਿਜਲੀ ਦਫ਼ਤਰ ਅੱਗੇ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਹੋਰ ਆਗੂਆਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਐਲਾਨੇ ਗਏ ਸਮੇਂ ਅਨੁਸਾਰ ਬਿਜਲੀ ਨਹੀਂ ਦਿੱਤੀ ਜਾ ਰਹੀ। ਵਾਰ-ਵਾਰ ਬਿਜਲੀ ਦੇ ਕੱਟ ਅਤੇ ਘੱਟ ਸਮੇਂ ਦੀ ਸਪਲਾਈ ਕਾਰਨ ਝੋਨੇ ਦੀ ਲਵਾਈ ਅਤੇ ਫਸਲਾਂ ਦੀ ਸਿੰਚਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਫਸਲਾਂ ਦੇ ਝਾੜ ਤੇ ਮਾੜਾ ਅਸਰ ਪਵੇਗਾ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ। ਨਰਿੰਦਰ ਪਾਲ ਸਿੰਘ ਜਤਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਹਕੀਕਤ ਵਿੱਚ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਤੁਰੰਤ ਪੂਰੀ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ, ਬੇਲੋੜੀਆਂ ਕਟੌਤੀਆਂ ਬੰਦ ਕੀਤੀਆਂ ਜਾਣ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਪ੍ਰਬੰਧ ਨੂੰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਇਸ ਮੌਕੇ ਸੁਰਜੀਤ ਸਿੰਘ ਫੌਜੀ, ਧਰਮ ਸਿੰਘ ਸਿੱਧੂ, ਕੇਵਲ ਸਿੰਘ, ਮੰਗਲ ਸਿੰਘ ਸਵਾਈ ਕੇ, ਗੁਰਮੇਲ ਸਿੰਘ ਜੀਆ ਬੱਗਾ, ਮੇਜਰ ਸਿੰਘ, ਬੋਹੜ ਸਿੰਘ ਝੋਕ ਹਰੀ ਹਰ, ਗੁਰਵਿੰਦਰ ਸਿੰਘ, ਗੁਰਦਿਆਲ ਸਿੰਘ ਮਮਦੋਟ, ਬਲਵਿੰਦਰ ਸਿੰਘ ਜੀਆ ਬੱਗਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ। ਧਰਨੇ ਦੇ ਅੰਤ ਵਿੱਚ ਜਥੇਬੰਦੀ ਦੇ ਆਗੂਆਂ ਨੇ ਦੁਹਰਾਇਆ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤੇ ਬਿਨਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਲੋੜ ਪੈਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।