- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ

ਪੰਜਾਬੀ ਜਾਗਰਣ ਰਿਪੋਰਟ, ਫਿਰੋਜ਼ਪੁਰ : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਸਥਾਨਕ ਚਿਲਡਰਨ ਪਾਰਕ ਵਿਚ ਇਕ ਇਕੱਠ ਕੀਤਾ ਗਿਆ। ਇੱਥੋਂ ਤਿਆਰੀ ਕਰਕੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਨਾਲ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਰੋਸ ਰੈਲੀ ਕੱਢੀ ਗਈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਤੋਂ ਬਾਅਦ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ। ਮੁਲਾਜ਼ਮਾਂ ਦਾ ਸਾਥ ਦੇਣ ਲਈ ਵੱਡੀ ਗਿਣਤੀ ਨਰੇਗਾ ਮਜ਼ਦੂਰ ਵੀ ਪੁੱਜੇ ਹੋਏ ਸਨ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਹਰਪਿੰਦਰ ਸਿੰਘ ਟਿੱਬੀ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ਤੇ ਕੋਈ ਕੰਟਰੋਲ ਨਹੀਂ ਹੈ। ਪਿਛਲੇ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। 7 ਜੁਲਾਈ ਨੂੰ ਹੋਈ ਉੱਚ ਪੱਧਰੀ ਮੀਟਿੰਗ ਵਿਚ ਅਫ਼ਸਰਸ਼ਾਹੀ ਵੱਲੋਂ 15 ਸਾਲ ਪੁਰਾਣੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਲਈ ਕੁਝ ਵੀ ਨਹੀਂ ਲਿਆਂਦਾ ਗਿਆ। ਜਿਸਦੇ ਰੋਸ ਵਜੋਂ ਹੀ ਅੱਜ ਦਾ ਪ੍ਰੋਗਰਾਮ ਪੂਰੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ਤੇ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਦੇ ਰੀੜ੍ਹ ਦੀ ਹੱਡੀ ਹਨ। ਮੁੱਖ ਮੰਤਰੀ 70000 ਨਵੀਆਂ ਨੌਕਰੀਆਂ ਦੇਣ ਅਤੇ ਠੇਕੇਦਾਰੀ ਸਿਸਟਮ ਬਿਲਕੁਲ ਖ਼ਤਮ ਕਰਨ ਦਾ ਦਾਅਵਾ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ ਹਜ਼ਾਰਾਂ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਲੋਕ ਮਿਲਈ ਪ੍ਰੋਗਰਾਮਾਂ ਵਿਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਨਰੇਗਾ ਕਰਮਚਾਰੀ ਹਾਜ਼ਰ ਸਨ।