- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਹੀ ਆਪਸੀ ਖਿੱਚੋਤਾਣ ਉਸ ਵੇਲੇ ਖ਼ੂਨੀ ਟਕਰਾਅ ਵਿੱਚ ਬਦਲ ਗਈ, ਜਦੋਂ ਜ਼ੀਰਾ ਹਲਕੇ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਖੇਤ ’ਚ ਚੁਬੱਚਾ ਬਣਾਉਣ ਤੋਂ ਰੋਕਣ ’ਤੇ ਇੱਕ ਤਾਏ ਵੱਲੋਂ ਆਪਣੇ ਸਕੇ ਭਤੀਜੇ ਨੂੰ ਗੋਲ਼ੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ। ਗੋਲ਼ੀਆਂ ਲੱਗਣ ਕਾਰਨ 26 ਸਾਲਾ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਹੀ ਆਪਸੀ ਖਿੱਚੋਤਾਣ ਉਸ ਵੇਲੇ ਖ਼ੂਨੀ ਟਕਰਾਅ ਵਿੱਚ ਬਦਲ ਗਈ, ਜਦੋਂ ਜ਼ੀਰਾ ਹਲਕੇ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਖੇਤ ’ਚ ਚੁਬੱਚਾ ਬਣਾਉਣ ਤੋਂ ਰੋਕਣ ’ਤੇ ਇੱਕ ਤਾਏ ਵੱਲੋਂ ਆਪਣੇ ਸਕੇ ਭਤੀਜੇ ਨੂੰ ਗੋਲ਼ੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ। ਗੋਲ਼ੀਆਂ ਲੱਗਣ ਕਾਰਨ 26 ਸਾਲਾ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕਥਿਤ ਮੁਲਜ਼ਮ ਤਾਇਆ ਅਤੇ ਤਾਈ ਮੌਕੇ ਤੋਂ ਫਰਾਰ ਹੋ ਗਏ।
ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਇੱਕ ਹੋਰ ਸਕੇ ਤਾਏ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਤਿੰਨ ਭਰਾ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਜ਼ਮੀਨ ਦੀ ਵੰਡ ਨੂੰ ਲੈ ਕੇ ਪਰਿਵਾਰ ਵਿੱਚ ਤਕਰਾਰ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਅੱਜ ਉਸਦਾ ਦੂਸਰਾ ਭਰਾ ਖੇਤ ਵਿੱਚ ਚੁਬੱਚਾ ਬਣਾ ਰਿਹਾ ਸੀ। ਗੁਰਵਿੰਦਰ ਸਿੰਘ ਵੱਲੋਂ ਉਸ ਨੂੰ ਚੁਬੱਚਾ ਬਣਾਉਣ ਤੋਂ ਰੋਕਿਆ ਗਿਆ ਤਾਂ ਕਥਿਤ ਤੌਰ ’ਤੇ ਤੈਸ਼ ਵਿੱਚ ਆ ਕੇ ਉਸ ਨੇ ਆਪਣੇ ਲਾਇਸੰਸੀ 32 ਬੋਰ ਪਿਸਤੌਲ ਨਾਲ ਚਾਰ ਫਾਇਰ ਕਰ ਦਿੱਤੇ। ਇਨ੍ਹਾਂ ਵਿੱਚੋਂ ਤਿੰਨ ਗੋਲ਼ੀਆਂ ਗੁਰਵਿੰਦਰ ਸਿੰਘ ਨੂੰ ਲੱਗੀਆਂ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਗੁਰਵਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਉਸ ਦੀ ਭੈਣ ਅਤੇ ਪਿਤਾ ਵਿਦੇਸ਼ ਵਿੱਚ ਰਹਿੰਦੇ ਹਨ, ਜਦਕਿ ਉਹ ਆਪਣੀ ਮਾਤਾ ਨਾਲ ਪਿੰਡ ਵਿੱਚ ਰਹਿ ਰਿਹਾ ਸੀ। ਪਰਿਵਾਰ ਨੇ ਕਥਿਤ ਮੁਲਜ਼ਮ ’ਤੇ ਪਹਿਲਾਂ ਵੀ ਗੰਭੀਰ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਅਤੇ ਮੌਕੇ ਤੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਥਿਤ ਮੁਲਜ਼ਮ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਰੱਖਿਆ ਗਿਆ ਹੈ।