- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ’ਚ ਐਤਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਫਤਿਹਗੜ੍ਹ ਸਭਰਾ ਪੁਲ ’ਤੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਆਹਮੋ-ਸਾਹਮਣੇ ਹੋਈ ਫਾਇਰਿੰਗ ’ਚ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋ ਬਦਮਾਸ਼ ਜ਼ਖ਼ਮੀ ਹੋ ਗਏ।

ਪਿੱਪਲ ਸਿੰਘ ਭੁੱਲਰ, ਮੱਲਾਂਵਾਲਾ, ਫਿਰੋਜ਼ਪੁਰ : ਜ਼ਿਲ੍ਹੇ ’ਚ ਐਤਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਫਤਿਹਗੜ੍ਹ ਸਭਰਾ ਪੁਲ ’ਤੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਆਹਮੋ-ਸਾਹਮਣੇ ਹੋਈ ਫਾਇਰਿੰਗ ’ਚ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋ ਬਦਮਾਸ਼ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਮੁੱਢਲੇ ਤੌਰ ’ਤੇ ਦੋ ਪਿਸਤੌਲ ਬਰਾਮਦ ਕੀਤੇ ਹਨ।
ਜ਼ਖ਼ਮੀ ਬਦਮਾਸ਼ਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਤਲਵੰਡੀ ਸੋਭਾ ਅਤੇ ਦਿਲਬਾਗ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਜੋਗੇਵਾਲਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵੇਂ ਕਈ ਅਪਰਾਧਿਕ ਮਾਮਲਿਆਂ ’ਚ ਲੋੜੀਂਦੇ ਸਨ ਅਤੇ ਲੋਕਾਂ ਤੋਂ ਫਿਰੌਤੀਆਂ ਮੰਗਣ ਵਾਲੇ ਗਿਰੋਹ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਮੌਕੇ ’ਤੇ ਪਹੁੰਚੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ਼ ਜ਼ੀਰਾ ਪੁਲਿਸ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਫਿਰੌਤੀ ਮੰਗਣ ਵਾਲੇ ਇੱਕ ਗਿਰੋਹ ਦੇ ਦੋ ਗੁਰਗੇ ਇਲਾਕੇ ’ਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਵੱਲੋਂ ਫਤਿਹਗੜ੍ਹ ਸਭਰਾ ਪੁਲ ’ਤੇ ਨਾਕਾਬੰਦੀ ਕੀਤੀ ਗਈ। ਇਸੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਅਧਿਕਾਰੀ ਮੁਤਾਬਕ ਬਦਮਾਸ਼ਾਂ ਵੱਲੋਂ ਚਲਾਈਆਂ ਗੋਲੀਆਂ ਪੁਲਿਸ ਦੀ ਗੱਡੀ ’ਤੇ ਲੱਗੀਆਂ। ਆਪਣੀ ਜਾਨ ਬਚਾਉਣ ਅਤੇ ਹਮਲੇ ਦਾ ਜਵਾਬ ਦੇਣ ਲਈ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ’ਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ।
ਦੋ ਪਿਸਤੌਲ ਕਬਜ਼ੇ ’ਚ, ਨੈੱਟਵਰਕ ਖੰਗਾਲੇਗੀ ਪੁਲਿਸ
ਮੌਕੇ ’ਤੇ ਪੁੱਜੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ। ਐੱਸਐੱਸਪੀ ਨੇ ਦੱਸਿਆ ਕਿ ਜ਼ਖ਼ਮੀ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਪੁਲਿਸ ਨੂੰ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਸਬੰਧੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਪੁਲਿਸ ਹੁਣ ਇਹ ਵੀ ਪਤਾ ਲਗਾ ਰਹੀ ਹੈ ਕਿ ਦੋਵੇਂ ਬਦਮਾਸ਼ ਹੋਰ ਕਿਹੜੇ-ਕਿਹੜੇ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਰਹੇ ਹਨ ਅਤੇ ਉਨ੍ਹਾਂ ਦਾ ਗਿਰੋਹ ਕਿੰਨੇ ਸਮੇਂ ਤੋਂ ਇਲਾਕੇ ’ਚ ਸਰਗਰਮ ਸੀ।