- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਵਿੱਚ ਜਨਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ, ਰੁਜ਼ਗਾਰ ਅਤੇ ਭਰਤੀ ਪ੍ਰਕਿਰਿਆ ਦੇ ਮੁੱਦਿਆਂ ਨੂੰ ਲੈ ਕੇ ਸਿਆਸੀ ਨਿਸ਼ਾਨਾ ਸਾਧਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਾਬਾ ਰਾਮ ਥੰਮਨ ਆਸ਼ਰਮ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।

ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ (ਫਿਰੋਜ਼ਪੁਰ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਵਿੱਚ ਜਨਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ, ਰੁਜ਼ਗਾਰ ਅਤੇ ਭਰਤੀ ਪ੍ਰਕਿਰਿਆ ਦੇ ਮੁੱਦਿਆਂ ਨੂੰ ਲੈ ਕੇ ਸਿਆਸੀ ਨਿਸ਼ਾਨਾ ਸਾਧਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਾਬਾ ਰਾਮ ਥੰਮਨ ਆਸ਼ਰਮ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।
ਰੈਲੀ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖਦਿਆਂ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਜਿੱਥੇ ਨੌਜਵਾਨ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਪੁਰਾਣੇ ਸਿਆਸੀ ਬਿਆਨਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਪੁਲਿਸ ਸੂਬਾ ਸਰਕਾਰ ਦੇ ਅਧੀਨ ਹੈ ਤਾਂ ਨਸ਼ਿਆਂ ਦੀ ਸਮੱਸਿਆ ’ਤੇ ਹੋਰ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਹੋ ਰਹੀ। ਸੈਣੀ ਨੇ ਕਿਹਾ ਕਿ ਨਸ਼ਾ ਮੁਕਤੀ ਦੀ ਲੜਾਈ ਸਿਰਫ਼ ਸਰਕਾਰ ਦੇ ਸਹਾਰੇ ਨਹੀਂ ਲੜੀ ਜਾ ਸਕਦੀ। ਪਰਿਵਾਰਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਜਾਣ ਦੀ ਅਪੀਲ ਕੀਤੀ।
ਇਸ ਤੋਂ ਪਹਿਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਾਲਵੇ ਦੇ ਪ੍ਰਸਿੱਧ ਇਤਿਹਾਸਿਕ ਧਾਰਮਿਕ ਸਥਾਨ ਡੇਰਾ ਬਾਬਾ ਰਾਮ ਥੰਮਣ ਜੀ, ਬਾਜੇ ਕੇ ਵਿਖੇ ਚੱਲ ਰਹੇ ਸਲਾਨਾ ਅੱਸੂ ਭੰਡਾਰੇ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਬਾਬਾ ਹਰਮੇਸ਼ ਦਾਸ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਡੇਰਾ ਭਜਨਗੜ੍ਹ ਦੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਵਿਧਾਇਕ ਅਬੋਹਰ ਸੰਦੀਪ ਜਾਖੜ, ਅਨਮੀਤ ਸਿੰਘ ਹੀਰਾ ਸੋਢੀ, ਜ਼ਿਲ੍ਹਾ ਫਾਜ਼ਿਲਕਾ ਭਾਜਪਾ ਦੇ ਪ੍ਰਧਾਨ ਸੁਖਵਿੰਦਰ ਸਿੰਘ ‘ਕਾਕਾ ਕੰਬੋਜ’ , ਬੂਟਾ ਸਿੰਘ ਰਾਣਾ ਰਾਏ, ਦੀਪਕ ਸ਼ਰਮਾ, ਕਸ਼ਮੀਰ ਲਾਲ ਸਰਪੰਚ, ਬਾਵਾ ਰਾਧੇ ਸ਼ਾਮ, ਬਾਵਾ ਸ਼੍ਰੀ ਚੰਦ ਸਮੇਤ ਹੋਰ ਰਾਜਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਡੇਰਾ ਬਾਬਾ ਰਾਮ ਥੰਮਣ ਜੀ ਵੱਲੋਂ ਵੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਡੇਰਾ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ‘ਬਿਨਾਂ ਪਰਚੀ, ਬਿਨਾਂ ਖਰਚੀ’ ਦੇ ਨਾਅਰੇ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਡੇਰੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਆਪਣੇ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਦਾ ਐਲਾਨ ਵੀ ਕੀਤਾ।