- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਨੇ ਆਖਿਆ ਕਿ ਸਰਕਾਰ ਨੇ ਸਿੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਸੂਬੇ ਦੇ ਬਜਟ ਦਾ 26 ਫ਼ੀਸਦੀ ਹਿੱਸਾ ਇਸ ਖੇਤਰ ਲਈ ਰੱਖਿਆ ਹੈ। ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਹਾਲ ਹੀ ਦੇ ਨਤੀਜਿਆਂ ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫ਼ਿਰੋਜ਼ਪੁਰ : ‘‘ਨੌਜਵਾਨਾਂ ਨੂੰ ਡਾਕਟਰ ਜਾਂ ਇੰਜਨੀਅਰ ਬਣਨ ਵਰਗੇ ਰਵਾਇਤੀ ਕਿੱਤਿਆਂ ਤੱਕ ਆਪਣੇ ਸੁਪਨੇ ਸੀਮਤ ਨਹੀਂ ਰੱਖਣੇ ਚਾਹੀਦੇ, ਸਗੋਂ ਆਪਣੀ ਰੁਚੀ ਅਨੁਸਾਰ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣਾ ਚਾਹੀਦਾ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਉੱਦਮੀ ਬਣਾਉਣ ਲਈ ਸਿੱਖਿਆ, ਤਕਨੀਕੀ ਸਿਖਲਾਈ, ਹੁਨਰ ਵਿਕਾਸ ਅਤੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ’’
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਪਹਿਲੇ ਕਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਕੁਰਬਾਨੀਆਂ ਯਾਦ ਰੱਖਣ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਮਾਨ ਨੇ ਆਖਿਆ ਕਿ ਸਰਕਾਰ ਨੇ ਸਿੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਸੂਬੇ ਦੇ ਬਜਟ ਦਾ 26 ਫ਼ੀਸਦੀ ਹਿੱਸਾ ਇਸ ਖੇਤਰ ਲਈ ਰੱਖਿਆ ਹੈ। ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਹਾਲ ਹੀ ਦੇ ਨਤੀਜਿਆਂ ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਇਸ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਸੁਧਾਰ ਦਾ ਨਤੀਜਾ ਦੱਸਿਆ।ਉਨ੍ਹਾਂ ਆਖਿਆ ਕਿ 2021 ਵਿੱਚ 98 ਏਕੜ ਰਕਬੇ ਵਿੱਚ ਸਥਾਪਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਇਸ ਸਮੇਂ 2600 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਅਗਲੇ ਸਾਲ ਤੱਕ ਇਹ ਗਿਣਤੀ ਦੁੱਗਣੀ ਹੋਣ ਦੀ ਉਮੀਦ ਹੈ। ਸਰਹੱਦੀ ਇਲਾਕਿਆਂ ਵਿੱਚ ਉੱਚ ਸਿੱਖਿਆ ਦੇ ਪਸਾਰ ਨੂੰ ਸਰਕਾਰ ਦੀ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਸਿੱਖਿਆ ਦਾ ਅਹਿਮ ਕੇਂਦਰ ਬਣ ਰਹੀ ਹੈ।
ਮੁੱਖ ਮੰਤਰੀ ਨੇ ਖੇਡਾਂ ਲਈ 1794 ਕਰੋੜ ਰੁਪਏ ਦੇ ਬਜਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹਾ ਕੌਮਾਂਤਰੀ ਖੇਡ ਮੁਕਾਬਲਾ ਕਰਵਾਇਆ ਗਿਆ।
ਮਾਨ ਨੇ ਐਲਾਨ ਕੀਤਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਜਾਗਰੂਕਤਾ ਅਤੇ ਤਿਆਰੀ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਵਿੱਚ ਫ਼ੌਜ ਵਿੱਚ ਭਰਤੀ ਹੋਣ ਦਾ ਖ਼ਾਸ ਉਤਸ਼ਾਹ ਹੈ ਅਤੇ ਸਰਕਾਰ ਉਨ੍ਹਾਂ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਯਤਨ ਕਰੇਗੀ।
ਸਮਾਗਮ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ,ਵਿਧਾਇਕ ਰਜਨੀਸ਼ ਦਹੀਆ,ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀਆਈਜੀ ਸਨੇਹਦੀਪ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ , ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਸੁਰੇਸ਼ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਰਾਜੀਵ ਅਰੋੜਾ ਸਮੇਤ ਕਈ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਮੁੱਖ ਮੰਤਰੀ ਅਤੇ ਰਾਜਪਾਲ ਨੇ ਸਾਂਝਾ ਕੀਤਾ ਸਟੇਜ਼ !
ਸ਼ਹੀਦ ਭਗਤ ਸਿੰਘ ਯੂਨੀਵਰਸਟੀ ਦੇ ਪਹਿਲੇ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜਿਥੇ ਮੁੱਖ ਮਹਿਮਾਨ ਵਜੋਂ ਪਹੁੰਚੇ,ਉਥੇ ਮੁੱਖ ਮੰਤਰੀ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ।ਇਸ ਦੌਰਾਨ ਉਨ੍ਹਾਂ ਸਟੇਜ਼ ਸਾਂਝਾਂ ਕੀਤਾ ਅਤੇ ਦੋਵਾਂ ਨੇ ਇਕੱਠਿਆਂ ਹੀ ਦੀਪ ਪ੍ਰਜਵੱਲਿਤ ਵੀ ਕੀਤੇ ।