ਫਿਰੋਜ਼ਪੁਰ ਪੁਲਿਸ ਨੇ ਤਸਕਰਾਂ ਕੋਲੋਂ 2 ਕਿਲੋ ਤੋਂ ਵੱਧ ਹੈਰੋਇਨ ਅਤੇ ਇਕ ਮੋਟਰਸਾਈਕਲ ਕੀਤਾ ਬਰਾਮਦ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਇਕ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 ਕਿਲੋ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੀਆਂ ਸਖ਼ਤ ਹਦਾਇਤਾਂ ਅਤੇ ਨਿਗਰਾਨੀ ਹੇਠ ਸਰਹੱਦੀ ਇਲਾਕਿਆਂ ਵਿਚ ਵਧਾਈ ਗਈ ਚੌਕਸੀ ਦੇ ਇਹ ਸਫਲਤਾ ਹਾਸਲ ਕੀਤੀ। ਪੁਲਿਸ ਨੇ ਨਾ ਸਿਰਫ਼ ਨਸ਼ੀਲੇ ਪਦਾਰਥ ਬਰਾਮਦ ਕੀਤੇ, ਸਗੋਂ ਤਸਕਰੀ ਲਈ ਵਰਤਿਆ ਜਾਣ ਵਾਲਾ ਇਕ ਬਿਨ੍ਹਾ ਨੰਬਰੀ ਹੀਰੋ ਸਪਲੈਂਡਰ ਪਰੋ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਥਾਣਾ ਆਰਿਫ ਕੇ ਪੁਲਿਸ ਨੇ ਉਕਤ ਤਸਕਰਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਆਰਿਫ ਕੇ ਦੇ ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਇਕ ਵਿਸ਼ੇਸ਼ ਟੀਮ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਨਿਕਲੀ ਹੋਈ ਸੀ। ਜਦੋਂ ਇਹ ਪਾਰਟੀ ਪਿੰਡ ਆਰਿਫ ਕੇ ਤੋਂ ਹੁੰਦੀ ਹੋਈ ਸੇਮਨਾਲਾ ਦੇ ਨਜ਼ਦੀਕ ਪੁੱਜੀ, ਤਾਂ ਪੁਲਿਸ ਨੂੰ ਇਕ ਖ਼ਾਸ ਮੁਖਬਰ ਨੇ ਸੂਚਨਾ ਕਿ ਦੋ ਵਿਅਕਤੀ, ਜੋ ਕਿ ਹੈਰੋਇਨ ਦੀ ਸਪਲਾਈ ਕਰਦੇ ਹਨ, ਇਸ ਵੇਲੇ ਦਾਣਾ ਮੰਡੀ ਕਮਾਲਾ ਬੋਦਲਾ ਵਿਚ ਮੌਜ਼ੂਦ ਹਨ ਅਤੇ ਕਿਸੇ ਗਾਹਕ ਦੀ ਉਡੀਕ ਵਿਚ ਹਨ। ਪੁਲਿਸ ਵੱਲੋਂ ਮੌਕੇ ’ਤੇ ਕੀਤੀ ਗਈ ਕਾਰਵਾਈ ਦੌਰਾਨ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਹਰਦੀਪ ਸਿੰਘ, ਵਾਸੀ ਪਿੰਡ ਪੱਲਾ ਮੇਘਾ ਨਿਵਾਸੀ ਪਿੰਡ ਦੁਲਚੀ ਕੇ ਅਤੇ ਹਰਜੀਤ ਸਿੰਘ ਪੁੱਤਰ ਸਰਦੂਲ ਸਿੰਘ, ਵਾਸੀ ਪਿੰਡ ਨਵਾਂ ਵਰਿਆ, ਥਾਣਾ ਚੌਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਇਨ੍ਹਾਂ ਪਾਸੋਂ 2 ਕਿਲੋ 16 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਦੇ ਨਾਲ ਹੀ ਬਿਨ੍ਹਾ ਨੰਬਰੀ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਆਈ ਹੈ ਅਤੇ ਅਤੇ ਇਹ ਨਸ਼ਾ ਅੱਗੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤਾ ਜਾਣਾ ਸੀ? ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।