ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਦਖ਼ਲਅੰਦਾਜ਼ੀ ਨਾਲ ਖੁੱਲਿਆ ਫ਼ਿਰੋਜ਼ਪੁਰ ਦਾ ਸਵਿਮਿੰਗ ਪੂਲ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਦਖ਼ਲਅੰਦਾਜ਼ੀ ਨਾਲ ਖੁੱਲਿਆ ਫ਼ਿਰੋਜ਼ਪੁਰ ਦਾ ਸਵਿਮਿੰਗ ਪੂਲ, ਪ੍ਰਸ਼ਾਸਨ ਨੇ ਤੁਰੰਤ ਕੀਤੀ ਕਾਰਵਾਈ
Publish Date: Tue, 07 Apr 2026 05:22 PM (IST)
Updated Date: Tue, 07 Apr 2026 05:26 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਤਤਕਾਲ ਦਖ਼ਲਅੰਦਾਜ਼ੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਹੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਚ ਸਥਿਤ ਸਵਿਮਿੰਗ ਪੂਲ ਨੂੰ ਖੋਲ੍ਹ ਦਿੱਤਾ ਗਿਆ ਹੈ ਅਤੇ ਇਸਦੀ ਸਫਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚ ਕੇ ਬੱਚਿਆਂ ਦੇ ਹੱਕ ਵਿਚ ਆਵਾਜ਼ ਉਠਾਈ ਅਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਸਵਿਮਿੰਗ ਪੂਲ ਕੋਲ ਇਕੱਠੇ ਹੋਏ ਆਗੂਆਂ ਨੇ ਹੱਥਾਂ ਵਿਚ ਟਰਾਫੀਆਂ ਫੜ ਕੇ ਬੱਚਿਆਂ ਦੀ ਪ੍ਰਾਪਤੀ ਨੂੰ ਉਭਾਰਿਆ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਦੇ ਬੱਚਿਆਂ ਨੇ ਇਸੇ ਸਵਿਮਿੰਗ ਪੂਲ ਵਿਚ ਤਿਆਰੀ ਕਰਕੇ ਪਿਛਲੇ ਸਾਲ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਰਾਫੀਆਂ ਜਿੱਤੀਆਂ ਸਨ। ਇਹ ਸਵਿਮਿੰਗ ਪੂਲ ਸਿਰਫ਼ ਇਕ ਖੇਡ ਮੈਦਾਨ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਅਤੇ ਭਵਿੱਖ ਨਾਲ ਜੁੜਿਆ ਹੋਇਆ ਕੇਂਦਰ ਹੈ। ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਚ ਬਣੇ ਇਸ ਸਵਿਮਿੰਗ ਪੂਲ ਵਿਚ ਬਕਾਇਆ ਕੋਚ ਸਾਹਿਬ ਵੱਲੋਂ ਬੱਚਿਆਂ ਨੂੰ ਤੈਰਾਕੀ ਦੀ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿਚ ਬੱਚੇ ਇੱਥੇ ਆਪਣੀ ਤਿਆਰੀ ਕਰਦੇ ਹਨ। ਹਾਲਾਂਕਿ ਬੱਚਿਆਂ ਦੇ ਮਾਪਿਆਂ ਵਲੋਂ ਵਾਰ ਵਾਰ ਬੇਨਤੀਆਂ ਕਰਨ ਤੇ ਵੀ ਏਡੀਸੀ ਵਿਕਾਸ ਵੱਲੋਂ 15 ਅਪ੍ਰੈਲ ਤੱਕ ਪੂਲ ਨਾ ਖੋਲ੍ਹਣ ਦੀ ਗੱਲ ਕਹੀ ਜਾ ਰਹੀ ਸੀ, ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ। ਇਸ ਸਥਿਤੀ ਨੂੰ ਦੇਖਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਇਕ ਵੀਡੀਓ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਬਿਨ੍ਹਾ ਦੇਰੀ ਸਵਿਮਿੰਗ ਪੂਲ ਖੋਲ੍ਹਿਆ ਜਾਵੇ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਪੂਲ ਨਾ ਖੋਲ੍ਹਿਆ ਗਿਆ ਤਾਂ ਬੱਚਿਆਂ ਅਤੇ ਮਾਪਿਆਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ। ਯੂਨੀਅਨ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਸਵਿਮਿੰਗ ਪੂਲ ਖੋਲ੍ਹ ਦਿੱਤਾ ਅਤੇ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਿਰਫ਼ ਕਿਸਾਨੀ ਮੁੱਦਿਆਂ ਤੱਕ ਸੀਮਿਤ ਨਹੀਂ, ਸਗੋਂ ਆਮ ਲੋਕਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਵੀ ਹਮੇਸ਼ਾ ਅੱਗੇ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਅਵਤਾਰ ਸਿੰਘ ਮਹਿਮਾ, ਕਿਸਾਨ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ।