ਜ਼ੀਰਾ ਦੇ ਮੇਨ ਬਾਜ਼ਾਰ ’ਚ ਦਿਨ-ਦਿਹਾੜੇ ਫਾਇਰਿੰਗ ਨਾਲ ਦਹਿਸ਼ਤ ਦਾ ਮਾਹੌਲ ਜ਼ੀਰਾ ਦੇ ਮੇਨ ਬਾਜ਼ਾਰ ’ਚ ਦਿਨ ਦਿਹਾੜੇ ਫਾਇਰਿੰਗ ਨਾਲ ਦਹਿਸ਼ਤ ਦਾ ਮਾਹੌਲ
Publish Date: Thu, 16 Jul 2026 04:49 PM (IST)
Updated Date: Thu, 16 Jul 2026 04:52 PM (IST)
- ਮਸ਼ਹੂਰ ਕੱਪੜਾ ਵਪਾਰੀ ਦੀ ਦੁਕਾਨ ਦੇ ਸ਼ੀਸ਼ੇ ’ਤੇ ਚਲਾਈ ਗੋਲੀ - ਗਾਹਕਾਂ ਨਾਲ ਭਰੀ ਦੁਕਾਨ ’ਚ ਟਲਿਆ ਵੱਡਾ ਹਾਦਸਾ - 26 ਤਰੀਕ ਨੂੰ ਘਰ ਅੱਗੇ ਵੀ ਹੋਈ ਸੀ ਫਾਇਰਿੰਗ, ਪਰਿਵਾਰ ਨੂੰ ਆ ਰਹੀਆਂ ਸਨ ਧਮਕੀ ਭਰੀਆਂ ਵਟਸਐਪ ਕਾਲ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਦੇ ਭੀੜ ਭਰੇ ਮੇਨ ਬਾਜ਼ਾਰ ਵਿੱਚ ਵੀਰਵਾਰ ਦੁਪਹਿਰ ਉਸ ਵੇਲੇ ਦਹਿਸ਼ਤ ਅਤੇ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਸ਼ਹਿਰ ਦੇ ਪ੍ਰਸਿੱਧ ਕੱਪੜਾ ਵਪਾਰੀ ਸੱਤਿਆ ਦਾਸ ਬ੍ਰਿਜ ਲਾਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਵਪਾਰੀਆਂ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ, ਜਦਕਿ ਵੱਡੀ ਗਿਣਤੀ ਵਿੱਚ ਲੋਕ ਘਟਨਾ ਸਥਾਨ ’ਤੇ ਇਕੱਠੇ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੁਰੇਸ਼ ਕੁਮਾਰ ਪੁੱਤਰ ਬ੍ਰਿਜ ਲਾਲ ਵਾਸੀ ਫਰੈਂਡਸ ਇਨਕਲੇਵ ਜੀਰਾ ਨੇ ਦੱਸਿਆ ਕਿ ਦੁਪਹਿਰ ਕਰੀਬ 12.30 ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨ, ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ, ਦੁਕਾਨ ਦੇ ਬਾਹਰ ਆਏ ਅਤੇ ਬਾਹਰੋਂ ਹੀ ਦੁਕਾਨ ਦੇ ਸ਼ੀਸ਼ੇ ਵੱਲ ਗੋਲੀ ਚਲਾ ਦਿੱਤੀ। ਗੋਲੀ ਲੱਗਣ ਨਾਲ ਸ਼ੀਸ਼ਾ ਟੁੱਟ ਗਿਆ ਅਤੇ ਉਸ ਦੇ ਛਰੇ ਦੁਕਾਨ ਦੇ ਅੰਦਰ ਤੱਕ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਉਸ ਸਮੇਂ ਦੁਕਾਨ ਦੇ ਅੰਦਰ ਗਾਹਕਾਂ ਦੀ ਭੀੜ ਵੀ ਸੀ ਅਤੇ ਗੋਲੀ ਦੇ ਛਰੇ ਅੰਦਰ ਆਉਣ ਕਾਰਨ ਕਿਸੇ ਵੀ ਵੇਲੇ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਲੋਕ ਘਬਰਾਹਟ ਵਿੱਚ ਦੁਕਾਨਾਂ ਤੋਂ ਬਾਹਰ ਨਿਕਲ ਆਏ। ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਹ ਪਹਿਲੀ ਘਟਨਾ ਨਹੀਂ ਹੈ। ਉਨ੍ਹਾਂ ਦੇ ਮੁਤਾਬਿਕ ਬੀਤੀ 26 ਤਰੀਕ ਨੂੰ ਰਾਤ ਕਰੀਬ 9.30 ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਵੀ ਗੋਲੀਆਂ ਚਲਾਈਆਂ ਸਨ। ਹਾਲਾਂਕਿ ਉਸ ਸਮੇਂ ਉਹ ਘਰ ਮੌਜੂਦ ਨਹੀਂ ਸਨ, ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਇਸ ਘਟਨਾ ਸਬੰਧੀ ਵੀ ਉਹਨਾਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਬੇਟੇ ਤਰੁਣ ਗਰਗ ਨੂੰ ਪਿਛਲੇ ਕੁਝ ਸਮੇਂ ਤੋਂ ਅਣਪਛਾਤੇ ਨੰਬਰਾਂ ਤੋਂ ਵਟਸਐਪ ਕਾਲਾਂ ਵੀ ਆ ਰਹੀਆਂ ਸਨ, ਜਿਸ ਕਾਰਨ ਪਰਿਵਾਰ ਪਹਿਲਾਂ ਹੀ ਚਿੰਤਤ ਸੀ। ਦਿਨ ਦਿਹਾੜੇ ਹੋਈ ਫਾਇਰਿੰਗ ਦੀ ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਜੀਰਾ ਜਸਪਾਲ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਕੇ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਦਿਨ-ਦਿਹਾੜੇ ਸ਼ਹਿਰ ਦੇ ਸਭ ਤੋਂ ਭੀੜ ਵਾਲੇ ਬਾਜ਼ਾਰ ਵਿੱਚ ਹੋਈ ਇਸ ਫਾਇਰਿੰਗ ਦੀ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।