ਫ਼ਿਰੋਜ਼ਪੁਰ ਅਦਾਲਤ ਨੂੰ ਮੁੜ ਮਿਲੀ ਧਮਕੀ, ਸੁਰੱਖਿਆ ਏਜੰਸੀਆਂ ਵਲੋਂ ਅਦਾਲਤ ਖਾਲੀ ਕਰਵਾ ਕੇ ਤਲਾਸ਼ੀ ਅਭਿਆਨ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਪੁਲਿਸ ਦੇ ਹੁਕਮਾਂ ਦੀ ਪਾਲਣਾ ਕਰਨ।
Publish Date: Mon, 06 Apr 2026 10:17 AM (IST)
Updated Date: Mon, 06 Apr 2026 11:02 AM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ । ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਸਚੇਤ ਹੋ ਗਿਆ ਅਤੇ ਉੱਚ ਅਧਿਕਾਰੀਆਂ ਸਮੇਤ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਵਕੀਲਾਂ ਅਤੇ ਆਮ ਜਨਤਾ ਨੂੰ ਕੋਰਟ ਕੰਪਲੈਕਸ ਵਿੱਚ ਦਾਖਲ ਨਾ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਤੋਂ ਬਚਿਆ ਜਾ ਸਕੇ।
ਪੁਲਿਸ ਵੱਲੋਂ ਪੂਰੇ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੰਬ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ, ਜੋ ਹਰ ਇਕ ਕੋਨੇ ਦੀ ਬੜੀ ਬਰੀਕੀ ਨਾਲ ਜਾਂਚ ਕਰ ਰਹੀਆਂ ਹਨ। ਇਸ ਦੌਰਾਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਕਰ ਦਿੱਤੀ ਗਈ ਹੈ ਅਤੇ ਆਮ ਆਵਾਜਾਈ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਇਸੇ ਕੋਰਟ ਕੰਪਲੈਕਸ ਨੂੰ ਇਸੇ ਤਰ੍ਹਾਂ ਦੀ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਉਸ ਵੇਲੇ ਵੀ ਪੁਲਿਸ ਨੇ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਸੀ, ਪਰ ਕੋਈ ਵੀ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ ਸੀ। ਫਿਰ ਵੀ, ਇਸ ਤਰ੍ਹਾਂ ਦੀਆਂ ਦੁਹਰਾਈਆਂ ਧਮਕੀਆਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਪੁਲਿਸ ਦੇ ਹੁਕਮਾਂ ਦੀ ਪਾਲਣਾ ਕਰਨ।