21 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ, ਮਾਮਲਾ ਦਰਜ
21 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ, ਮਾਮਲਾ ਦਰਜ
Publish Date: Thu, 02 Apr 2026 04:28 PM (IST)
Updated Date: Fri, 03 Apr 2026 04:05 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਪੁਲਿਸ ਨੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਪੰਜ ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲਿਆਂ ਵਿਚ ਪੁਲਿਸ ਨੇ ਗ੍ਰਿਫਤਾਰ ਕੀਤੇ ਵਿਅਕਤੀਆਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਛਾਉਣੀ ਫਿਰੋਜ਼ਪੁਰ ਅਤੇ ਥਾਣਾ ਕੁਲਗੜ੍ਹੀ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਰਮਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ’ਤੇ ਰੋਹਿਤ ਮਹਿਤਾ ਉਰਫ ਕਾਕੂ ਪੁੱਤਰ ਓਮ ਪ੍ਰਕਾਸ਼ ਮਹਿਤਾ ਅਤੇ ਮਨਜੀਤ ਪੁੱਤਰ ਵਿਜੇ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਫਿਰੋਜ਼ਪੁਰ ਸ਼ਹਿਰ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫਿਰੋਜ਼ਪੁਰ ਛਾਉਣੀ ਦੇ ਏਐੱਸਆਈ ਜਸਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਲਾਲ ਕੋਠੀ ਬੱਸ ਸਟੈਂਡ ਦੇ ਨੇੜਿਓਂ ਸੂਰਜ ਪੁੱਤਰ ਸ਼ਿਵਨ ਵਾਸੀ ਖਲਚੀਆਂ ਕਦੀਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੁੱਲਗੜ੍ਹੀ ਦੇ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਵਿਸ਼ਾਲ ਉਰਫ ਵਿਸ਼ਾਲੀ ਪੁੱਤਰ ਬੱਬੂ ਅਤੇ ਸਾਗਰ ਪੁੱਤਰ ਜਸਪਾਲ ਵਾਸੀ ਪਿੰਡ ਸੋਢੀ ਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮਾਮਲਿਆਂ ਦੀ ਜਾਂਚ ਕਰ ਰਹੇ ਲਵਦੀਪ ਸਿੰਘ, ਜਸਬੀਰ ਸਿੰਘ ਅਤੇ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਸਾਰੇ ਗ੍ਰਿਫਤਾਰ ਲੋਕਾਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।