- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਉਪਰਾਲੇ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਤਸਵੀਰਾਂ ਲਗਾਉਣ ਦਾ ਕੰਮ ਨਹੀਂ, ਸਗੋਂ ਉਨ੍ਹਾਂ ਦੇ ਵਡੇਰਿਆਂ ਦੀਆਂ ਕੁਰਬਾਨੀਆਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਣ ਵਾਲਾ ਕਦਮ ਹੈ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਦੇਸ਼ ਨੂੰ ਆਜ਼ਾਦ ਹੋਇਆਂ 79 ਸਾਲ ਬੀਤ ਚੁੱਕੇ ਹਨ, ਪਰ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਕਈ ਸੂਰਬੀਰਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਸਕਿਆ। ਹੁਣ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਉਣ ਦਾ ਉਪਰਾਲਾ ਕੀਤਾ ਹੈ। ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੀ ਲਾਬੀ ਵਿੱਚ ਤਸਵੀਰਾਂ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ। ਵਿਭਾਗੀ ਸੂਤਰਾਂ ਅਨੁਸਾਰ ਪ੍ਰਸ਼ਾਸਨ ਨੂੰ 94 ਆਜ਼ਾਦੀ ਘੁਲਾਟੀਆਂ ਦੀ ਸੂਚੀ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 50 ਦੇ ਕਰੀਬ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ।
ਇਸ ਉਪਰਾਲੇ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਤਸਵੀਰਾਂ ਲਗਾਉਣ ਦਾ ਕੰਮ ਨਹੀਂ, ਸਗੋਂ ਉਨ੍ਹਾਂ ਦੇ ਵਡੇਰਿਆਂ ਦੀਆਂ ਕੁਰਬਾਨੀਆਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਣ ਵਾਲਾ ਕਦਮ ਹੈ। ਹੁਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕ ਇਨ੍ਹਾਂ ਸੂਰਬੀਰਾਂ ਦੀਆਂ ਤਸਵੀਰਾਂ ਦੇਖ ਸਕਣਗੇ ਅਤੇ ਆਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣ ਸਕਣਗੇ। ਇਸ ਨਾਲ ਨੌਜਵਾਨ ਪੀੜ੍ਹੀ ਨੂੰ ਵੀ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਪ੍ਰੇਰਨਾ ਮਿਲੇਗੀ।
ਸਰਕਾਰੀ ਇਮਾਰਤਾਂ ’ਚ ਸੂਰਬੀਰਾਂ ਦੀ ਪਛਾਣ ਬਣਾਉਣ ਦੀ ਲੋੜ : ਦਵਿੰਦਰ ਤੇ ਗੁਰਵਿੰਦਰ ਸਿੰਘ ਸ਼ੇਰ ਖਾਂ
‘ਫਰੀਡਮ ਫਾਈਟਰ’ ਸਵਰਗਵਾਸੀ ਜਵਾਲਾ ਸਿੰਘ ਸ਼ੇਰ ਖਾਂ ਦੇ ਦੋਹਤੇ ਦਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਸ਼ੇਰ ਖਾਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਿਰਫ਼ ਆਜ਼ਾਦੀ ਦਿਵਸ ਜਾਂ ਗਣਤੰਤਰ ਦਿਵਸ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਸਰਕਾਰੀ ਇਮਾਰਤਾਂ ਅਤੇ ਜਨਤਕ ਥਾਵਾਂ ’ਤੇ ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਜੀਵਨ ਬਾਰੇ ਜਾਣਕਾਰੀ ਵੀ ਲਗਾਈ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਸਥਾਈ ਤੌਰ ’ਤੇ ਯਾਦ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਕਦਮ ਇਸ ਦਿਸ਼ਾ ਵਿੱਚ ਚੰਗੀ ਸ਼ੁਰੂਆਤ ਹੈ। ਇਸ ਨਾਲ ਆਜ਼ਾਦੀ ਦੇ ਇਤਿਹਾਸ ਅਤੇ ਇਸ ਲਈ ਕੀਤੀਆਂ ਕੁਰਬਾਨੀਆਂ ਨੂੰ ਸੰਭਾਲਣ ਦਾ ਸੁਨੇਹਾ ਮਿਲੇਗਾ।