ਸਾਰਾਗੜ੍ਹੀ ਸਕੂਲ ’ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦਾ ਇਨਾਮ ਵੰਡ ਸਮਾਗਮ ਸੰਪੰਨ
Publish Date: Sun, 29 Nov 2026 04:29 PM (IST)
Updated Date: Sun, 29 Nov 2026 04:31 PM (IST)
ਹਰਚਰਨ ਸਿੰਘ ਸਾਮਾ ,ਪੰਜਾਬੀ ਜਾਗਰਣ, ਫਿਰੋਜ਼ਪੁਰ: ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹੁਕਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਸਕੂਲ ਇੰਚਾਰਜ ਸ਼੍ਰੀਮਤੀ ਸੁਕੀਰਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਿਰੋਜ਼ਪੁਰ ਮੁਨੀਲਾ ਅਰੋੜਾ ਨੇ ਕੀਤੀ। ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਗਿੱਧਾ, ਭੰਗੜਾ, ਸੰਮੀ, ਝੂਮਰ, ਕਵਿਤਾਵਾਂ ਅਤੇ ਲੋਕ ਗੀਤਾਂ ਰਾਹੀਂ ਬੇਹੱਦ ਖ਼ੂਬਸੂਰਤੀ ਨਾਲ ਪੇਸ਼ ਕਰਦਿਆਂ ਸੱਭਿਆਚਾਰਕ ਰੰਗ ਬੰਨ੍ਹਿਆ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਖ਼ੂਬ ਤਾੜੀਆਂ ਬਟੋਰੀਆਂ। ਮੁੱਖ ਮਹਿਮਾਨ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ 40 ਤੋਂ ਵੱਧ ਵਿਦਿਆਰਥੀਆਂ ਨੇ ਜੇਈਈ, ਨੀਟ, ਕਲੈਟ, ਸੀਐੱਮਏ ਅਤੇ ਹੋਰ ਵੱਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 50 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਬਲਾਕ ਨੋਡਲ ਅਫ਼ਸਰ ਰਜਿੰਦਰ ਕੁਮਾਰ, ਪ੍ਰਿੰਸੀਪਲ ਗੁਰਬੀਰ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ ਗਿੱਲ, ਸੁਖਚੈਨ ਸਿੰਘ ਸਟੈਨੋ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਪਿੰਡ ਪੰਚਾਇਤ ਦੇ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ’ਚ ਹਾਜ਼ਰ ਸਨ। ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਕੂਲ ਸਟਾਫ਼ ਤੋਂ ਇਲਾਵਾ ਲੈਕਚਰਾਰ ਅਜੇ ਕੁਮਾਰ, ਮਨੋਜ ਕੁਮਾਰ, ਰਾਹੁਲ ਗੌਤਮ, ਅਮਰ ਵਰਮਾ, ਨਵਜੋਤ ਕੌਰ, ਜਸਵਿੰਦਰ ਸਿੰਘ ਲੈਕਚਰਾਰ ਅਤੇ ਗਿੰਨੀ ਬਾਂਸਲ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸਕੂਲ ਇੰਚਾਰਜ ਸੁਕੀਰਤੀ ਸ਼ਰਮਾ ਨੇ ਧੰਨਵਾਦੀ ਸੰਬੋਧਨ ਕਰਦਿਆਂ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।