ਨਿੱਜੀਕਰਨ ਦੇ ਵਿਰੋਧ ਤੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੱਢੀ ਭੜਾਸ
ਸੂਬੇ ਭਰ ਦੇ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਸੰਘਰਸ਼ ਦੌਰਾਨ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੇ
Publish Date: Tue, 06 Jan 2026 03:45 PM (IST)
Updated Date: Tue, 06 Jan 2026 03:47 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਪੰਜਾਬ ਭਰ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਫਿਰੋਜ਼ਪੁਰ ਡਿੱਪੂ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿੱਪੂ ਪ੍ਰਧਾਨ ਜਤਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ’ਤੇ ਵਾਅਦਾ ਖਿਲਾਫੀ ਦੇ ਗੰਭੀਰ ਦੋਸ਼ ਲਾਏ। ਸਰਕਾਰ ਦੀ ਵਾਅਦਾ ਖਿਲਾਫੀ ਅਤੇ ਨਿੱਜੀਕਰਨ ਦਾ ਵਿਰੋਧ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਕ ਵੀ ਕਰਮਚਾਰੀ ਰੈਗੂਲਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨਾਲ ਹੋਈਆਂ ਕਈ ਮੀਟਿੰਗਾਂ ਅਤੇ ਲਿਖਤੀ ਭਰੋਸਿਆਂ ਦੇ ਬਾਵਜੂਦ ਅਜੇ ਤੱਕ ਕੋਈ ਪਾਲਸੀ ਨਹੀਂ ਬਣੀ। ਉਲਟਾ ਸਰਕਾਰ ਵਿਭਾਗ ਵਿੱਚ ਆਪਣੀਆਂ ਬੱਸਾਂ ਪਾਉਣ ਦੀ ਬਜਾਏ ‘ਕਿਲੋਮੀਟਰ ਸਕੀਮ’ ਰਾਹੀਂ ਨਿੱਜੀਕਰਨ ਨੂੰ ਉਤਸ਼ਾਹਤ ਕਰ ਰਹੀ ਹੈ। ਟਰਾਂਸਪੋਰਟ ਵਿਭਾਗ ਦੀ ਹਾਲਤ ਇੰਨੀ ਮਾੜੀ ਹੈ ਕਿ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਫਰੀ ਸਫਰ ਸਹੂਲਤ ਦਾ ਲਗਭਗ 1200 ਕਰੋੜ ਰੁਪਏ ਸਰਕਾਰ ਵੱਲ ਬਕਾਇਆ ਹੈ। ਜਬਰ ਅਤੇ ਗ੍ਰਿਫਤਾਰੀਆਂ ਦਾ ਰੋਸ ਜਨਰਲ ਸਕੱਤਰ ਮੁੱਖਪਾਲ ਸਿੰਘ ਨੇ ਦੱਸਿਆ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦਬਾਉਣ ਲਈ ਸਰਕਾਰ ਪੁਲਿਸ ਜਬਰ ਦਾ ਸਹਾਰਾ ਲੈ ਰਹੀ ਹੈ। ਅੰਦੋਲਨ ਦੌਰਾਨ 177 ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਕਈਆਂ ਤੇ ਧਾਰਾ 307 ਵਰਗੇ ਨਜਾਇਜ਼ ਪਰਚੇ ਦਰਜ ਕੀਤੇ ਗਏ। ਅੱਜ ਵੀ 10 ਸਾਥੀ ਸੰਗਰੂਰ ਜੇਲ੍ਹ ਵਿੱਚ ਬੰਦ ਹਨ। ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਡਿਊਟੀ ਕਰਦਿਆਂ ਇਹ ਸੁਨੇਹਾ ਦਿੱਤਾ ਕਿ ਉਹ ਆਜ਼ਾਦ ਦੇਸ਼ ਵਿੱਚ ਗੁਲਾਮਾਂ ਵਾਂਗ ਕੰਮ ਕਰਨ ਲਈ ਮਜ਼ਬੂਰ ਹਨ। ਅਗਲੇ ਸੰਘਰਸ਼ ਦਾ ਐਲਾਨ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ 09 ਜਨਵਰੀ 2026 ਨੂੰ ਸੰਗਰੂਰ ਬੱਸ ਸਟੈਂਡ ਵਿਖੇ ਇੱਕ ਵਿਸ਼ਾਲ ਕਨਵੈਨਸ਼ਨ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਮਾਜਿਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਲਈ ਸਹਿਯੋਗ ਦੀ ਅਪੀਲ ਕੀਤੀ।