ਸਟੇਸ਼ਨਾਂ ਦੇ ਪੁਨਰ-ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਉੱਤਰ ਰੇਲਵੇ ਦੇ ਜਨਰਲ ਮੈਨੇਜਰ ਵੱਲੋਂ ਅੰਮ੍ਰਿਤਸਰ-ਲੁਧਿਆਣਾ ਰੇਲ ਖੰਡ ਦਾ ਨਿਰੀਖਣ, ਯਾਤਰੀ ਸਹੂਲਤਾਂ ਅਤੇ ਸੁਰੱਖਿਆ ਦਾ ਲਿਆ ਜਾਇਜ਼ਾ
Publish Date: Wed, 08 Apr 2026 05:03 PM (IST)
Updated Date: Wed, 08 Apr 2026 05:05 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਉੱਤਰ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਵੱਲੋਂ ਅੰਮ੍ਰਿਤਸਰ–ਜਲੰਧਰ–ਲੁਧਿਆਣਾ ਰੇਲ ਖੰਡ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਰੇਲਵੇ ਸਟੇਸ਼ਨਾਂ ’ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਨੂੰ ਦੇਖਣਾ ਅਤੇ ਯਾਤਰੀਆਂ ਦੀ ਸੁਰੱਖਿਆ ਤੇ ਸਹੂਲਤਾਂ ਨੂੰ ਯਕੀਨੀ ਬਣਾਉਣਾ ਸੀ। ਨਿਰੀਖਣ ਦੌਰਾਨ ਜਨਰਲ ਮੈਨੇਜਰ ਨੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਸਬੰਧਤ ਬੁਨਿਆਦੀ ਢਾਂਚੇ ਦਾ ਡੂੰਘਾਈ ਨਾਲ ਨਿਰੀਖਣ ਕਰਦਿਆਂ ਸਫਾਈ ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਕਾਰਜ ਕੁਸ਼ਲਤਾ ਦੀ ਸਮੀਖਿਆ ਕੀਤੀ। ਜਨਰਲ ਮੈਨੇਜਰ ਨੇ ਸਭ ਤੋਂ ਪਹਿਲਾਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ‘ਰੀ-ਡਿਵੈਲਪਮੈਂਟ’ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੇਟਿੰਗ ਹਾਲ, ਬੁਕਿੰਗ ਦਫ਼ਤਰ, ਰਿਜ਼ਰਵੇਸ਼ਨ ਕਾਊਂਟਰ, ਪਾਰਕਿੰਗ ਖੇਤਰ ਅਤੇ ਸਟੇਸ਼ਨ ਦੀ ਸੈਕਿੰਡ ਐਂਟਰੀ ਸਮੇਤ ਵੱਖ-ਵੱਖ ਯਾਤਰੀ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਟਰਾਂਜੈਕਸ਼ਨ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕੰਮ ਦੀ ਗੁਣਵੱਤਾ ਅਤੇ ਇਸ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਉਪਰੰਤ ਉਨ੍ਹਾਂ ਵੱਲੋਂ ਬਿਆਸ ਰੇਲਵੇ ਸਟੇਸ਼ਨ ’ਤੇ ਪ੍ਰਸਤਾਵਿਤ ਪੁਨਰ-ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਮੌਜ਼ੂਦ ਸਨ। ਜਨਰਲ ਮੈਨੇਜਰ ਨੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਵੱਡੇ ਵਿਕਾਸ ਕਾਰਜ ਲਗਭਗ ਮੁਕੰਮਲ ਹੋ ਚੁੱਕੇ ਹਨ ਅਤੇ ਉੱਥੇ ਵੀ ਕੰਮ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਕਿਹਾ ਗਿਆ ਹੈ। ਨਿਰੀਖਣ ਦੌਰਾਨ ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਜਨਰਲ ਮੈਨੇਜਰ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ’ਤੇ ਚਰਚਾ ਕੀਤੀ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸੇਵਾ ਦੀ ਗੁਣਵੱਤਾ ਵਿਚ ਨਿਰੰਤਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਰੇਲਵੇ ਦਾ ਮੁੱਖ ਟੀਚਾ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਸੁਖਾਲੀਆਂ ਰੇਲ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਸਹੂਲਤਾਂ ਦਾ ਜਲਦੀ ਲਾਭ ਮਿਲ ਸਕੇ।