- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬੈਂਕ ਕਰਮਚਾਰੀਆਂ ਦੀ ਹੜਤਾਲ, ਫਿਰੋਜ਼ਪੁਰ ’ਚ ਬੈਂਕ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਦੇਸ਼ ਪੱਧਰ ’ਤੇ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅਸਰ ਫਿਰੋਜ਼ਪੁਰ ਵਿਚ ਵੀ ’ਤੇ ਦੇਖਣ ਨੂੰ ਮਿਲਿਆ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਬੈਂਕਾਂ ਨਾਲ ਸਬੰਧਤ ਕਰੀਬ 500 ਕਰਮਚਾਰੀਆਂ ਨੇ ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਵਿਚਾਰ ਅਧੀਨ ਹਨ, ਪਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨਾਲ ਕਈ ਪੱਧਰਾਂ ’ਤੇ ਗੱਲਬਾਤ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਇਸ ਕਾਰਨ ਕਰਮਚਾਰੀਆਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਬੈਂਕ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਪਰਫਾਰਮੈਂਸ ਲਿੰਕਡ ਇਨਸੈਂਟਿਵ (ਪੀਐੱਲਆਈ) ਲਾਗੂ ਕਰਨਾ ਅਤੇ ਬੈਂਕਿੰਗ ਖੇਤਰ ਵਿਚ ਹਫ਼ਤੇ ਦੇ ਪੰਜ ਦਿਨ ਕੰਮ ਕਰਨ ਦੀ ਵਿਵਸਥਾ ਲਾਗੂ ਕਰਨਾ ਸ਼ਾਮਲ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਬਦਲਦੇ ਕੰਮਕਾਜੀ ਮਾਹੌਲ ਅਤੇ ਕਰਮਚਾਰੀਆਂ ਦੀਆਂ ਲੋੜਾਂ ਨੂੰ ਦੇਖਦਿਆਂ ਇਨ੍ਹਾਂ ਮੰਗਾਂ ’ਤੇ ਜਲਦ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਹੜਤਾਲ ਕਾਰਨ ਸਰਕਾਰੀ ਬੈਂਕਾਂ ਵਿਚ ਆਮ ਗਾਹਕ ਸੇਵਾਵਾਂ ਅਤੇ ਹੋਰ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।