ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਵਿਧਾਇਕ ਭੁੱਲਰ ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਵਿਧਾਇਕ ਭੁੱਲਰ
Publish Date: Sat, 29 Aug 2026 06:44 PM (IST)
Updated Date: Sat, 29 Aug 2026 06:46 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਇਸ ਦਾ ਲਾਭ ਪਹੁੰਚਾਉਣ ਦੇ ਮਕਸਦ ਨਾਲ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਯੋਜਨਾ ਤਹਿਤ ਫਾਰਮ ਭਰਨ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਖੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਭੁੱਲਰ ਨੇ ਸਖੀਆਂ ਨਾਲ ਗੱਲਬਾਤ ਦੌਰਾਨ ਫਾਰਮ ਭਰਨ ਸਮੇਂ ਆ ਰਹੀਆਂ ਮੁਸ਼ਕਲਾਂ, ਤਕਨੀਕੀ ਦਿੱਕਤਾਂ ਅਤੇ ਹੋਰ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਖੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਗੱਲ ਧਿਆਨ ਨਾਲ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਜੇਕਰ ਕਿਸੇ ਵਿਅਕਤੀ ਨੂੰ ਫਾਰਮ ਭਰਨ ਜਾਂ ਯੋਜਨਾ ਨਾਲ ਸਬੰਧਤ ਕਿਸੇ ਹੋਰ ਪ੍ਰਕਿਰਿਆ ਵਿਚ ਮੁਸ਼ਕਲ ਆ ਰਹੀ ਹੈ ਤਾਂ ਉਸ ਦੀ ਜਾਣਕਾਰੀ ਸਬੰਧਤ ਵਿਭਾਗ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਅਤੇ ਧੀਆਂ ਦੀ ਭਲਾਈ, ਸਹੂਲਤ ਅਤੇ ਸਨਮਾਨ ਨੂੰ ਲੈ ਕੇ ਲਗਾਤਾਰ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਅਸਲ ਮਕਸਦ ਉਸ ਸਮੇਂ ਹੀ ਪੂਰਾ ਹੋ ਸਕਦਾ ਹੈ, ਜਦੋਂ ਇਨ੍ਹਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਆਸਾਨ ਢੰਗ ਨਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਖੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਯੋਜਨਾ ਬਾਰੇ ਸਹੀ ਜਾਣਕਾਰੀ ਦੇਣ ਅਤੇ ਫਾਰਮ ਭਰਨ ਦੀ ਪ੍ਰਕਿਰਿਆ ਵਿਚ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ।