ਪਰਾਲੀ ਦੀ ਸੰਭਾਲ ਲਈ 7 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ : ਕਿਸਾਨ ਆਗੂ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ: ਕਿਸਾਨ ਆਗੂ
Publish Date: Thu, 22 Oct 2026 03:55 PM (IST)
Updated Date: Fri, 23 Oct 2026 04:01 AM (IST)
7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ਪਿੰਡ ਪੱਧਰ ’ਤੇ ਕੀਤੀਆਂ ਜਾਣਗੀਆਂ ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਡਾ. ਗੁਰਮੇਲ ਸਿੰਘ ਫੱਤੇ ਵਾਲਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਰਫੂਲ ਸਿੰਘ ਦੂਲੇਵਾਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਪਰਾਲੀ ਦੀ ਸਮੱਸਿਆ ਦਾ ਹੱਲ ਕੱਢਣ ਦੀ ਬਜਾਏ ਪ੍ਰਦੂਸ਼ਣ ਦੇ ਨਾਂ ’ਤੇ ਕਿਸਾਨਾਂ ਨੂੰ ਬਦਨਾਮ ਕਰ ਰਹੀਆਂ ਹਨ ਅਤੇ ਕਿਸਾਨਾਂ ’ਤੇ ਪਰਚੇ ਦਰਜ ਕਰਨ ਤੇ ਜੁਰਮਾਨੇ ਲਗਾਉਣ ਦੀ ਗੱਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੇ ਹੱਕ ਵਿੱਚ ਨਹੀਂ ਹਨ, ਪਰ ਸਰਕਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਜਾਂ ਝੋਨੇ ’ਤੇ 200 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ। ਆਗੂਆਂ ਨੇ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।ਆਗੂਆਂ ਅਨੁਸਾਰ, ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਿਆਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਸਰਕਾਰ ਤੋਂ ਪੰਜ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖਰੀਦ ਯਕੀਨੀ ਬਣਾਉਣ, ਬਿਜਲੀ ਦੇ ਸਮਾਰਟ ਮੀਟਰ ਲਾਉਣੇ ਬੰਦ ਕਰਨ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਚੋਰੀ ਹੋਏ ਸਾਮਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ ਅਤੇ ਧਰਮ ਸਿੰਘ ਸਿੱਧੂ ਸਮੇਤ ਹੋਰ ਆਗੂ ਹਾਜ਼ਰ ਸਨ।