ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਪੂਰੀ ਕਰੇ : ਦਵਿੰਦਰ ਸਿੰਘ ਸੇਖੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਪੂਰੀ ਕਰੇ: ਦਵਿੰਦਰ ਸਿੰਘ ਸੇਖੋਂ
Publish Date: Tue, 21 Jul 2026 04:33 PM (IST)
Updated Date: Tue, 21 Jul 2026 04:34 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਮਿਸਲ ਸਤਲੁਜ ਦੇ ਉਮੀਦਵਾਰ ਦਵਿੰਦਰ ਸਿੰਘ ਸੇਖੋਂ ਵੱਲੋਂ ਜ਼ੀਰਾ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ਵਿਚ ਇਕ ਵਿਲੱਖਣ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਿਸਲ ਸਤਲੁਜ ਦੇ ਉਮੀਦਵਾਰਾਂ ਅਤੇ ਵਰਕਰਾਂ ਨੇ ਕੂੜਾ-ਦਾਨ ਰੂਪੀ ਡੱਬੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨਾਲ ਤੰਜ ਕੱਸਦੀ ਹੋਈ ਕਿੱਕਲੀ ਲਿਖ ਕੇ ਉਸਨੂੰ ਸ਼ਹਿਰ ਦੇ ਕੂੜੇ ਦੇ ਢੇਰਾਂ ਕੋਲ ਰੱਖ ਦਿੱਤਾ। ਇਸ ਮੌਕੇ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਪੱਖ ਤੋਂ ਨਾਕਾਮ ਸਾਬਤ ਹੋਈ ਹੈ ਅਤੇ ਝੂਠੇ ਵਾਅਦਿਆਂ ਰਾਹੀਂ ਪੰਜਾਬੀਆਂ ਦੀਆਂ ਉਮੀਦਾਂ ਨਾਲ ਖਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਬਹੁਤ ਹੀ ਔਖੇ ਅਤੇ ਜੋਖਿਮ ਭਰੇ ਹਾਲਾਤਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦਾ ਹਰ ਪੱਖ ਤੋਂ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਨਾ ਤਾਂ ਯੋਗ ਤਨਖ਼ਾਹਾਂ ਮਿਲ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਬਣਦੇ ਹੱਕ ਪ੍ਰਾਪਤ ਹੋ ਰਹੇ ਹਨ। ਠੇਕੇਦਾਰੀ ਪ੍ਰਣਾਲੀ ਕਾਰਨ ਵੀ ਕਰਮਚਾਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਅਸੁਰੱਖਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਖੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ ਅਤੇ ਉਨ੍ਹਾਂ ਨੂੰ ਪੱਕੀ ਨੌਕਰੀ, ਵਾਜਬ ਤਨਖ਼ਾਹਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਇਲਾਕੇ ਲਈ ਇੱਕ ਲੋਕ ਪੱਖੀ ਏਜੰਡਾ ਲੈ ਕੇ ਆ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ, ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਅਤੇ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।ਇਸ ਮੌਕੇ ਤੇ ਸਫਾਈ ਸੇਵਕ ਕਰਮਚਾਰੀ ਯੂਨੀਅਨ ਜ਼ੀਰਾ ਦੇ ਪ੍ਰਧਾਨ ਅਸ਼ੋਕ ਕੁਮਾਰ ਆਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਉਹਨਾਂ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਜਿੰਦਰ ਸਿੰਘ ਸਹੋਤਾ, ਜਤਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਮਾਲਵਾ ਯੂਥ ਪ੍ਰਧਾਨ ਮਿਸਲ ਸਤਲੁਜ, ਗੁਰਪ੍ਰੇਮ ਸਿੰਘ ਸਕੱਤਰ ਕਿਸਾਨ ਵਿੰਗ, ਜਸਨੂਰ ਸਿੰਘ ਯੂਥ ਸਕੱਤਰ ਫਿਰੋਜਪੁਰ,ਗੁਰਮੀਤ ਸਿੰਘ, ਲਵਪ੍ਰੀਤ ਸਿੰਘ ਗੋਗੋਆਣੀ, ਮਨਦੀਪ ਸਿੰਘ, ਕੰਵਲਜੀਤ ਸਿੰਘ, ਸੁਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।