ਸਿੱਖਿਆ ਦਾ ਮਕਸਦ ਜ਼ਿੰਮੇਵਾਰ ਨਾਗਰਿਕ ਬਣਾਉਣਾ : ਰਾਜਪਾਲ ਕਟਾਰੀਆ ਯੂਨੀਵਰਸਟੀ ਦੀ ਪਹਿਲੀ ਕਨਵੋਕੇਸ਼ਨ ਸੰਪੰਨ
Publish Date: Sat, 14 Nov 2026 07:45 PM (IST)
Updated Date: Sat, 14 Nov 2026 07:48 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਯੂਨੀਵਰਸਿਟੀ ਦੀ ਪਲੇਠੀ ਕਨਵੋਕੇਸ਼ਨ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਸੰਪੰਨ ਹੋਈ। ਇਸ ਇਤਿਹਾਸਕ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਪੀਐੱਚਡੀ, ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੂਏਟ ਦੇ ਵਿਦਿਆਰਥੀਆਂ ਨੂੰ ਲਗਭਗ 350 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਵੱਖ-ਵੱਖ ਵਿਸ਼ਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਅਲੂਮਨੀ ਮੀਟ ਵੀ ਕਰਵਾਈ ਗਈ, ਜਿਸ ਵਿੱਚ ਸਾਬਕਾ ਵਿਦਿਆਰਥੀਆਂ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਯੂਨੀਵਰਸਿਟੀ ਨਾਲ ਜੁੜੇ ਰਹਿਣ ਦਾ ਸੰਕਲਪ ਲਿਆ। ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਫੌਜਾ ਸਿੰਘ ਸਰਾਰੀ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮਨੀਸ਼ ਕੁਮਾਰ, ਪ੍ਰੋ. ਸੁਸ਼ੇਂਦਰ ਕੁਮਾਰ ਮਿਸ਼ਰਾ, ਡੀਨ ਅਕਾਦਮਿਕ ਡਾ. ਰਾਜੀਵ ਕੁਮਾਰ ਗਰਗ ਅਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਸਮੇਤ ਹੋਰ ਪਤਵੰਤੇ ਮੌਜੂਦ ਸਨ। ਦੇਸ਼ ਦੇ ਨਿਰਮਾਣ ’ਚ ਯੋਗਦਾਨ ਪਾਉਣ ਨੌਜਵਾਨ : ਰਾਜਪਾਲ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਿਗਰੀਆਂ ਅਤੇ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਨਵੋਕੇਸ਼ਨ ਸਿਰਫ਼ ਸਖ਼ਤ ਮਿਹਨਤ ਦੇ ਸਫ਼ਰ ਦੀ ਸੰਪੂਰਨਤਾ ਨਹੀਂ, ਸਗੋਂ ਜ਼ਿੰਦਗੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਵੀ ਹੈ। ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀਆਂ ਹਾਸਲ ਕਰਨਾ ਨਹੀਂ, ਬਲਕਿ ਜ਼ਿੰਮੇਵਾਰ ਨਾਗਰਿਕ ਬਣਨਾ ਅਤੇ ਸਮਾਜ ਪ੍ਰਤੀ ਆਪਣੇ ਫ਼ਰਜ਼ ਨਿਭਾਉਣਾ ਹੈ। ਉਨ੍ਹਾਂ ਨੌਜਵਾਨਾਂ ਨੂੰ ਗਿਆਨ, ਅਨੁਸ਼ਾਸਨ, ਇਮਾਨਦਾਰੀ ਅਤੇ ਲਗਨ ਨਾਲ ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਖ਼ਤ ਮਿਹਨਤ ਨਾਲ ਟੀਚੇ ਹਾਸਲ ਕਰਨ ਵਿਦਿਆਰਥੀ : ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਅਤੇ ਸਖ਼ਤ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ। ਵਿਦਿਆਰਥੀ ਆਪਣੀ ਸਿੱਖਿਆ ਅਤੇ ਹੁਨਰ ਦੀ ਵਰਤੋਂ ਸਿਰਫ਼ ਨੌਕਰੀਆਂ ਹਾਸਲ ਕਰਨ ਲਈ ਹੀ ਨਹੀਂ, ਸਗੋਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵੀ ਕਰਨ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਮਿਹਨਤ ਦਾ ਵੱਡਾ ਯੋਗਦਾਨ ਹੁੰਦਾ ਹੈ। ਵੱਖ-ਵੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ ਇਸ ਮੌਕੇ ਵਾਤਾਵਰਣ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਇੰਨ੍ਹਾਂ ਵਿੱਚੋਂ ਡਾ. ਅਨਿਰੁੱਧ ਗੁਪਤਾ, ਸੰਜਨਾ ਮਿੱਤਲ ਤੇ ਸਮੀਰ ਮਿੱਤਲ, ਡਾ. ਸਤਿੰਦਰ ਸਿੰਘ, ਡਾ. ਸੰਦੀਪ ਸਿੰਘ ਸੰਧਾ, ਡਾ. ਰਾਮੇਸ਼ਵਰ ਸਿੰਘ , ਡਾ. ਕਮਲ ਬਾਗੀ ਅਤੇ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ ਨੂੰ ਵੱਕਾਰੀ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ ।