ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
ਜੀਆਰਪੀ ਫਿਰੋਜ਼ਪੁਰ ਪੁਲਿਸ ਨੇ ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
Publish Date: Sat, 25 Apr 2026 04:44 PM (IST)
Updated Date: Sat, 25 Apr 2026 04:46 PM (IST)

- ਪੁਲਿਸ ਨੇ ਚੋਰੀ ਦੇ ਦੋ ਮੋਟਰਸਾਈਕਲ ਕੀਤੇ ਬਰਾਮਦ, ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਪੈਸ਼ਲ ਡੀਜੀਪੀ ਰੇਲਵੇ ਪਟਿਆਲਾ ਵੱਲੋਂ ਅਪਰਾਧਿਕ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅਤੇ ਡੀਐੱਸਪੀ ਜੀਆਰਪੀ ਫਿਰੋਜ਼ਪੁਰ ਦੀ ਯੋਗ ਨਿਗਰਾਨੀ ਹੇਠ ਥਾਣਾ ਜੀਆਰਪੀ ਫਿਰੋਜ਼ਪੁਰ ਦੀ ਪੁਲਿਸ ਨੇ ਇਕ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਮਹਿਜ਼ 4 ਦਿਨਾਂ ਦੇ ਅੰਦਰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਮੋਨਿਸ਼ ਪੁੱਤਰ ਅਸ਼ੋਕ ਕੁਮਾਰ, ਵਾਸੀ ਫਿਰੋਜ਼ਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰਸਾਈਕਲ ਨੰਬਰ ਪੀਬੀ 05 ਏਡੀ 6436 ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਚੋਰੀ ਹੋ ਗਿਆ ਹੈ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਜੀਆਰਪੀ ਫਿਰੋਜ਼ਪੁਰ ਵਿਖੇ 303(2), 317 (2) ਬੀਐੱਨਐੱਸ ਤਹਿਤ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਤਫਤੀਸ਼ ਸਹਾਹਿਕ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਅਮਲ ਵਿਚ ਲਿਆਂਦੀ ਗਈ। ਤਫਤੀਸ਼ੀ ਅਫ਼ਸਰ ਵੱਲੋਂ ਮੋਟਰਸਾਈਕਲ ਅਤੇ ਚੋਰ ਦੀ ਭਾਲ ਲਈ ਇਲਾਕੇ ਵਿਚ ਲਗਾਤਾਰ ਛਾਪੇਮਾਰੀ ਅਤੇ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਨੂੰ ਮਿਤੀ 23 ਅਪ੍ਰੈਲ 2026 ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਮਿਲੀ। ਫੜੇ ਗਏ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਦੂਲੋਂ ਕੇ ਨੱਥੂ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਵੱਲੋਂ ਜਦੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ, ਤਾਂ ਉਸ ਨੇ ਇਕ ਹੋਰ ਚੋਰੀ ਦੀ ਵਾਰਦਾਤ ਕਬੂਲੀ। ਮੁਲਜ਼ਮ ਨੇ ਮੰਨਿਆ ਕਿ ਉਸ ਨੇ ਫ਼ਾਜ਼ਿਲਕਾ ਇਲਾਕੇ ਤੋਂ ਇਕ ਹੋਰ ਮੋਟਰਸਾਈਕਲ ਹੀਰੋ ਹੋਂਡਾ ਸਪਲੈਂਡਰ ਪਲੱਸ, ਬਿਨ੍ਹਾ ਨੰਬਰੀ ਚੋਰੀ ਕੀਤਾ ਸੀ। ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਹ ਦੂਜਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫਸਰ ਥਾਣਾ ਜੀਆਰਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਹੋਰ ਕਿਹੜੀਆਂ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।