ਗੁਰਭੇਜ ਸਿੰਘ ਟਿੱਬੀ ਨੇ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ ਗੁਰਭੇਜ ਸਿੰਘ ਟਿੱਬੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ
Publish Date: Wed, 25 Nov 2026 04:48 PM (IST)
Updated Date: Wed, 25 Nov 2026 04:49 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਓਬੀਸੀ ਡਿਪਾਰਟਮੈਂਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸੰਤ-ਮਹਾਂਪੁਰਖਾਂ ਦੀਆਂ ਪਵਿੱਤਰ ਧਾਰਮਿਕ ਯਾਦਗਾਰਾਂ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।ਇਸ ਧਾਰਮਿਕ ਯਾਤਰਾ ਦੌਰਾਨ ਗੁਰਭੇਜ ਸਿੰਘ ਟਿੱਬੀ ਨੇ ਗੁਰਦੁਆਰਾ ਢਾਬਸਰ ਸਾਹਿਬ, ਕਰੀ ਕਲਾਂ, ਗੁਰਦੁਆਰਾ ਪ੍ਰਗਟ ਸਿੰਘ ਸਾਹਿਬ, ਹਾਮਦ, ਗੁਰਦੁਆਰਾ ਟਾਹਲਾ ਸਾਹਿਬ, ਦਮਦਮੀ ਟਕਸਾਲ, ਪੀਰ ਮੁਹੰਮਦ, ਗੁਰਦੁਆਰਾ ਬੇਰ ਸਾਹਿਬ, ਗੁਰੂਹਰਸਹਾਏ, ਗੁਰਦੁਆਰਾ ਪੋਥੀ ਮਾਲਾ ਸਾਹਿਬ, ਵੱਡਾ ਗੁਰਦੁਆਰਾ ਸਾਹਿਬ, ਗੁਰੂਹਰਸਹਾਏ, ਡੇਰਾ ਬਾਬਾ ਰਾਮ ਥਮਨ ਜੀ, ਬਾਜੇ ਕੇ, ਡੇਰਾ ਬਾਬਾ ਵਚਨ ਸਿੰਘ ਮਹਾਰਾਜ, ਭਜਨਗੜ੍ਹ ਸਾਹਿਬ, ਗੋਲੋਕੇ ਮੋੜ ਅਤੇ ਡੇਰਾ ਬਾਬਾ ਭੁੱਮਣ ਸ਼ਾਹ ਜੀ, ਪਿੰਡੀ ਵਿਖੇ ਮੱਥਾ ਟੇਕ ਕੇ ਗੁਰੂ ਘਰਾਂ ਅਤੇ ਧਾਰਮਿਕ ਅਸਥਾਨਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਅਤੇ ਸੰਤ-ਮਹਾਂਪੁਰਖਾਂ ਵੱਲੋਂ ਗੁਰਭੇਜ ਸਿੰਘ ਟਿੱਬੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਧਾਰਮਿਕ ਸ਼ਖ਼ਸੀਅਤਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰਾਂ ਅਤੇ ਧਾਰਮਿਕ ਅਸਥਾਨਾਂ ਨਾਲ ਜੁੜਨਾ ਮਨੁੱਖ ਨੂੰ ਨਿਮਰਤਾ, ਸੇਵਾ ਅਤੇ ਸੱਚਾਈ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਰਹਿੰਦੀ ਦੁਨੀਆ ਤੱਕ ਚਾਨਣ ਮੁਨਾਰਾ ਬਣੀ ਰਹੇਗੀ। ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਸਮਾਜ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਪ੍ਰਭੂ ਦਾ ਸਿਮਰਨ ਕਰਨ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦਾ ਰਾਹ ਦਿਖਾਇਆ। ਉਨ੍ਹਾਂ ਦੀ ਸਿੱਖਿਆ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਨੂੰ ਇੱਕ ਸਮਾਨ ਸਮਝਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਹੋਰ ਵੀ ਜ਼ਰੂਰੀ ਹੈ। ਜੇਕਰ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲੀਏ ਤਾਂ ਸਮਾਜ ਵਿੱਚੋਂ ਨਫ਼ਰਤ, ਵੈਰ-ਵਿਰੋਧ ਅਤੇ ਭੇਦਭਾਵ ਨੂੰ ਖ਼ਤਮ ਕਰਕੇ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਮਨਾਉਣ ਦਾ ਅਸਲ ਮਕਸਦ ਕੇਵਲ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਅਤੇ ਵਿਹਾਰ ਦਾ ਹਿੱਸਾ ਬਣਾਉਣਾ ਵੀ ਹੈ।ਅੰਤ ਵਿੱਚ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਿਖਾਏ ਸੇਵਾ, ਸਾਂਝ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਦਿਆਂ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਈਏ।