ਸੁਖਵਿੰਦਰ ਥਿੰਦ, ਫਾਜ਼ਿਲਕਾ : ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਨਿੱਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੂਬਾ ਸਰਕਾਰ ਵੱਲੋਂ 2-2 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਸੋਲਰ ਲਾਈਟਾਂ ਯੋਜਨਾ ਤਹਿਤ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਰਜ਼ੇ ਦੇ ਮੁੱਦੇ 'ਤੇ ਕਿਹਾ ਕਿ ਪਹਿਲਾਂ ਢਾਈ ਏਕੜ ਵਾਲਿਆਂ ਦਾ ਕਰਜ਼ਾ ਮਾਫ਼ ਕੀਤਾ ਗਿਆ ਸੀ ਪਰ ਹੁਣ ਪੰਜ ਏਕੜ ਵਾਲੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਸਬੰਧੀ ਕੀਤੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨਾਲ ਕੀਤਾ ਗਿਆ ਵਾਅਦਾ ਜਲਦ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ, ਡੈਪੋ ਮੁਹਿੰਮ ਤੇ ਘਰ-ਘਰ ਰੁਜ਼ਗਾਰ ਯੋਜਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਸਮੁੱਚੀਆਂ ਪੰਚਾਇਤਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਵੀ ਇਨ੍ਹਾਂ ਸਕੀਮਾਂ ਦਾ ਲਾਹਾ ਹਰ ਯੋਗ ਲਾਭਪਾਤਰੀ ਤਕ ਪਹੰੁਚਾਉਣ ਦੀ ਅਪੀਲ ਕੀਤੀ।