- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਥਾਨਕ ਸਿਆਸਤ ਵਿੱਚ ਵੱਡਾ ਉਲਟਫੇਰ ਕਰ ਦਿੱਤਾ ਹੈ। 15 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਸੀਟਾਂ ’ਤੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ।

ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ : ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਥਾਨਕ ਸਿਆਸਤ ਵਿੱਚ ਵੱਡਾ ਉਲਟਫੇਰ ਕਰ ਦਿੱਤਾ ਹੈ। 15 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਸੀਟਾਂ ’ਤੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ।
ਇਸ ਜਿੱਤ ਨਾਲ ਕਾਂਗਰਸ ਨੇ ਨਗਰ ਕੌਂਸਲ ਵਿੱਚ ਆਪਣੀ ਮਜ਼ਬੂਤ ਪਕੜ ਸਾਬਤ ਕਰ ਦਿੱਤੀ, ਜਦਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਨਿਰਾਸ਼ਾਜਨਕ ਨਤੀਜਿਆਂ ਦਾ ਸਾਹਮਣਾ ਕਰਨਾ ਪਿਆ। ਇਹਨਾਂ ਚੋਣਾਂ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਦੇ 15,15 ਅਤੇ ਭਾਜਪਾ ਦੇ 14 ਉਮੀਦਵਾਰ ਅਤੇ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਸਨ। ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਸਤਾਧਾਰੀ ਆਮ ਆਦਮੀ ਪਾਰਟੀ ਦਾ ਇੱਕ ਵੀ ਉਮੀਦਵਾਰ ਜਿੱਤ ਦਰਜ ਨਹੀਂ ਕਰ ਸਕਿਆ। ਦੂਜੇ ਪਾਸੇ, ਭਾਜਪਾ ਵੀ ਆਪਣਾ ਖਾਤਾ ਖੋਲ੍ਹਣ ਵਿੱਚ ਅਸਫਲ ਰਹੀ।
ਇਸ ਤਰ੍ਹਾਂ ਦੋਵੇਂ ਪਾਰਟੀਆਂ ਦਾ ਨਗਰ ਕੌਂਸਲ ਚੋਣਾਂ ਵਿੱਚ ਪੂਰੀ ਤਰ੍ਹਾਂ ਸਫਾਇਆ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਭਾਵੇਂ ਸਿਰਫ਼ ਦੋ ਸੀਟਾਂ ਜਿੱਤੀਆਂ, ਪਰ ਦੋਵੇਂ ਜਿੱਤਾਂ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ। ਅਕਾਲੀ ਦਲ ਦੇ ਉਮੀਦਵਾਰਾਂ ਨੇ ਵਾਰਡ ਨੰਬਰ 6 ਅਤੇ ਵਾਰਡ ਨੰਬਰ 10 ਤੋਂ ਜਿੱਤ ਹਾਸਲ ਕੀਤੀ।
ਖਾਸ ਕਰਕੇ ਵਾਰਡ ਨੰਬਰ 10 ਵਿੱਚ ਅਕਾਲੀ ਦਲ ਦੇ ਉਮੀਦਵਾਰ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨੂੰ ਹਰਾਕੇ ਅਹਿਮ ਜਿੱਤ ਦਰਜ ਕੀਤੀ, ਜਿਸ ਨੂੰ ਚੋਣਾਂ ਦਾ ਸਭ ਤੋਂ ਵੱਡਾ ਉਲਟਫੇਰ ਮੰਨਿਆ ਜਾ ਰਿਹਾ ਹੈ।ਇਸ ਵਾਰ ਨਗਰ ਕੌਂਸਲ ਵਿੱਚ 7 ਸੀਟਾਂ ਔਰਤਾਂ ਲਈ ਰਾਖਵੀਆਂ ਸਨ।
ਇਨ੍ਹਾਂ ਵਿੱਚੋਂ ਸਾਰਿਆਂ ਸੀਟਾਂ ਹੀ ਕਾਂਗਰਸ ਦੀ ਔਰਤ ਉਮੀਦਵਾਰਾਂ ਨੇ ਜਿੱਤੀਆਂ । ਕੁੱਲ ਮਿਲਾ ਕੇ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਥਾਨਕ ਵੋਟਰਾਂ ਨੇ ਕਾਂਗਰਸ 'ਤੇ ਸਭ ਤੋਂ ਵੱਧ ਭਰੋਸਾ ਜਤਾਇਆ ਹੈ। ਹੁਣ ਨਵੀਂ ਕੌਂਸਲ ਦੇ ਗਠਨ ਅਤੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਿਆਸੀ ਚਰਚਾਵਾਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।