ਸੱਤਾਧਾਰੀ ਪਾਰਟੀ ਆਪਣੇ ਅਹੁਦੇ ਦਾ ਫਾਇਦਾ ਚੁੱਕ ਕੇ ਵਿਰੋਧੀ ਉਮੀਦਵਾਰਾਂ ਨੂੰ ਪਰੇਸ਼ਾਨ
ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: ਤੀਜੇ ਦਿਨ 27 ਨਾਮਜ਼ਦਗੀ ਪੱਤਰ ਦਾਖਲ
Publish Date: Wed, 24 Jun 2026 07:08 PM (IST)
Updated Date: Wed, 24 Jun 2026 07:10 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਦੇ ਤੀਜੇ ਦਿਨ ਅਚਾਨਕ ਰਫ਼ਤਾਰ ਦੇਖਣ ਨੂੰ ਮਿਲੀ ਅਤੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਨਾਮਜਦਗੀ ਦੇ ਪਹਿਲੇ ਦੋ ਦਿਨ ਤਾਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਅੱਜ ਤੀਜੇ ਦਿਨ ਬੁੱਧਵਾਰ ਨੂੰ ਕੁੱਲ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀ ਦੇ ਆਖ਼ਰੀ ਦਿਨਾਂ ਵਿੱਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਵੱਧਦੀ ਸਰਗਰਮੀ ਕਾਰਨ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਐੱਸਡੀਐੱਮ ਕੰਮ ਰਿਟਰਨਿੰਗ ਅਫਸਰ ਹਰਦੀਪ ਸਿੰਘ ਨੇ ਦੱਸਿਆ ਕਿ ਗੁਰੂਹਰਸਹਾਏ ਨਗਰ ਕੌਂਸਲ ਵਿਚ ਕੁੱਲ 15 ਵਾਰਡ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ 25 ਜੂਨ ਹੈ। ਉਮੀਦਵਾਰ 25 ਜੂਨ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਨਾਲ ਸਬੰਧਤ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਤੀਜੇ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਕਾਰਨ ਐੱਸਡੀਐੱਮ ਦਫ਼ਤਰ ਕੰਪਲੈਕਸ ਵਿੱਚ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਣੇ-ਆਪਣੇ ਉਮੀਦਵਾਰਾਂ ਨਾਲ ਨਾਮਜ਼ਦਗੀ ਕੇਂਦਰ ਪਹੁੰਚੇ। ਇਸ ਦੌਰਾਨ ਸਿਆਸੀ ਵਿਵਾਦ ਵੀ ਸਾਹਮਣੇ ਆਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਭਾਜਪਾ ਦੇ ਆਗੂਆਂ ਵਰਕਰਾਂ ਨੇ ਆਮ ਆਦਮੀ ਪਾਰਟੀ ਅਤੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਗਾਏ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਮਾਨ ਅਤੇ ਭਾਜਪਾ ਦੇ ਆਗੂ ਦੀਪਕ ਸ਼ਰਮਾ ਦਾ ਕਹਿਣਾ ਸੀ ਕਿ ਚੋਣ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵਰਕਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਆਪਣੇ ਅਹੁਦੇ ਦਾ ਫਾਇਦਾ ਚੁੱਕ ਕੇ ਵਿਰੋਧੀ ਉਮੀਦਵਾਰਾਂ ਨੂੰ ਪਰੇਸ਼ਾਨ ਕਰ ਰਹੀ ਹੈ ਅਤੇ ਪ੍ਰਸ਼ਾਸਨ ਦਾ ਦੁਰਵਰਤੋਂ ਕੀਤਾ ਜਾ ਰਿਹਾ ਹੈ। ਅਕਾਲੀ ਅਤੇ ਭਾਜਪਾ ਆਗੂਆਂ ਨੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਕੋਲੋ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ ਹੈ। ਐੱਸਪੀ (ਡੀ) ਮਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪੁਲਿਸ ਕਿਸੇ ਵੀ ਸਿਆਸੀ ਪਾਰਟੀ ਦੇ ਦਬਾਅ ਹੇਠ ਕੰਮ ਨਹੀਂ ਕਰ ਰਹੀ ਅਤੇ ਮਾਨਯੋਗ ਚੋਣ ਕਮਿਸ਼ਨ ਦੇ ਪਾਲਣਾ ਕੀਤੀ ਜਾ ਰਹੀ ਹੈ।