ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਕਾਰਨ ਫੈਲੀ ਬਿਮਾਰੀ ਤੋਂ ਬਚਾਅ ਲਈ ਮਾਹਿਰ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੈ ਸਿਹਤ ਜਾਂਚ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੁਵਿਧਾਵਾਂ
Publish Date: Sat, 28 Feb 2026 04:54 PM (IST)
Updated Date: Sat, 28 Feb 2026 04:55 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਅਤੇ ਐੱਸਡੀਐੱਮ ਲਿੰਦਿਆ ਵੱਲੋਂ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਦਾ ਦੌਰਾ ਕਰਕੇ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਲੋਕਾਂ ਦਾ ਹਾਲ-ਚਾਲ ਜਾਣਿਆ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਅਤੇ ਹੋਰ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ ਗਿਆ। ਐੱਸਡੀਐੱਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਨੂੰ ਪਿੰਡ ਵਾਸੀਆਂ ਦੀ ਹਰ ਸੰਭਵ ਮੱਦਦ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਪਿੰਡ ਵਿਚ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਇਲਾਜ ਮੁਹੱਈਆ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਛੱਪੜ ਦੀ ਸਫ਼ਾਈ ਕਾਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਹੁਣ ਤੱਕ 576 ਲੋਕਾਂ ਦੀ ਜਾਂਚ ਕੀਤੀ ਗਈ ਹੈ ਤੇ 367 ਲੋਕਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਗਠਿਤ ਕੀਤੀਆਂ 30 ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਸਾਫ਼ ਪਾਣੀ ਲਈ 9 ਹਜ਼ਾਰ ਕਲੋਰੀਨ ਦੀਆਂ ਗੋਲੀਆਂ ਅਤੇ 400 ਓਆਰਐੱਸ ਦੇ ਪੈਕੇਟ ਵੰਡੇ ਗਏ ਹਨ। ਅਧਿਕਾਰੀਆਂ ਵੱਲੋਂ ਪੀੜ੍ਹਤ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਹਰ ਸੰਭਵ ਸਿਹਤ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਸਾਫ ਸਫਾਈ ਦਾ ਧਿਆਨ ਰੱਖਣ ਅਤੇ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ। ਸਿਵਲ ਸਰਜਨ ਡਾਕਟਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਥਿਤੀ ’ਤੇ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ। ਸਿਹਤ ਵਿਭਾਗ ਵੱਲੋਂ ਪਿੰਡ ਵਿਚ ਮੁਨਾਦੀ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਵਲ ਸਰਜਨ ਵੱਲੋਂ ਪ੍ਰਭਾਵਿਤ ਪਿੰਡ ਦੇ ਲੋਕਾਂ ਲਈ ਸਾਫ਼ ਸਫਾਈ ਦਾ ਖਾਸ ਧਿਆਨ ਰੱਖਣ ਬਾਰੇ ਸਲਾਹਕਾਰੀ ਵੀ ਜਾਰੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੀਣ ਵਾਲਾ ਪਾਣੀ ਉਬਾਲ ਕੇ ਪੀਤਾ ਜਾਵੇ ਅਤੇ ਵਾਰ-ਵਾਰ ਹੱਥ ਧੋਤੇ ਜਾਣ। ਸਾਫ਼-ਸੁਥਰੇ ਭਾਂਡਿਆਂ ’ਚ ਹੀ ਖਾਣਾ ਖਾਧਾ ਜਾਵੇ। ਖਾਸ ਕਰਕੇ ਜਿਹੜੇ ਲੋਕਾਂ ਦੇ ਘਰ ਪਸ਼ੂ ਰੱਖੇ ਹਨ, ਉਹ ਪਸ਼ੂਆਂ ਨੂੰ ਛੂਹਣ ਉਪਰੰਤ ਆਪਣੇ ਹੱਥ ਚੰਗੀ ਤਰਾਂ ਜ਼ਰੂਰ ਧੋਣ।