ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ
ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ
Publish Date: Tue, 06 Jan 2026 04:53 PM (IST)
Updated Date: Tue, 06 Jan 2026 04:56 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋਂ ਅੱਜ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਤੈਨਾਤ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ, ਵਧੇਰੇ ਜੋਖਮ ਵਾਲੇ ਕੇਸਾਂ ਦੀ ਪਛਾਣ ਕਰਕੇ ਮੈਡੀਕਲ ਨਿਗਰਾਨੀ ਅਤੇ ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੀ। ਮੀਟਿੰਗ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਔਰਤ ਰੋਗਾਂ ਦੇ ਮਾਹਿਰ ਡਾ. ਰਿਚਾ, ਡਾ. ਪੂਜਾ, ਡਾ. ਆਂਚਲ ਅਤੇ ਡਾ. ਕੰਚਨ ਬਿਸ਼ਟ ਸ਼ਾਮਲ ਸਨ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਇਸਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਅਤੇ ਉਨ੍ਹਾਂ ਦਾ ਵਿਸ਼ੇਸ਼ ਇਲਾਜ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਗਰਭਵਤੀ ਔਰਤ ਤੱਕ ਪਹੁੰਚਣਾ ਯਕੀਨੀ ਬਣਾਉਣ ਤੇ ਜ਼ੋਰ ਦਿੰਦਿਆ ਕਿਹਾ ਕਿ ‘ਜਨਨੀ ਸੁਰੱਖਿਆ ਯੋਜਨਾ’ ਅਤੇ ’ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਵਰਗੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਔਰਤ ਤੱਕ ਜ਼ਰੂਰ ਪਹੁੰਚਾਇਆ ਜਾਵੇ। ਲਿੰਗ ਨਿਰਧਾਰਨ ਟੈਸਟਾਂ ਦੀ ਰੋਕਥਾਮ ਲਈ ਪੀਐਨਡੀਟੀ ਐਕਟ ਦੀ ਸਖਤੀ ਨਾਲ ਪਾਲਣਾ ਕਰਨਾ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਵਿਰੁੱਧ ਸਖ਼ਤ ਰੁਖ ਅਖਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਗਰਭਵਤੀ ਔਰਤ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਅਤੇ ਐਮਰਜੈਂਸੀ ਸੇਵਾਵਾਂ ਲਈ ਹਮੇਸ਼ਾ ਤਿਆਰ ਰਹਿਣ। ਇਸ ਮੌਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੇ ਇਸਤਰੀ ਰੋਗਾਂ ਦੇ ਮਾਹਿਰਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਵੀ ਮੌਜ਼ੂਦ ਸਨ।