ਮਮਦੋਟ ਨਗਰ ਪੰਚਾਇਤ ਦੀਆਂ ਚੋਣਾਂ ’ਚ ਨਾਮਜ਼ਦਗੀ ਦੇ ਆਖ਼ਰੀ ਦਿਨ ਚੱਲੀਆਂ ਤਾਬੜਤੋੜ ਗੋਲੀਆਂ
ਮਮਦੋਟ ਨਗਰ ਪੰਚਾਇਤ ਦੀਆਂ ਚੋਣਾਂ ’ਚ ਨਾਮਜ਼ਦਗੀ ਦੇ ਆਖ਼ਰੀ ਦਿਨ ਚੱਲੀਆਂ ਤਾਬੜਤੋੜ ਗੋਲੀਆਂ
Publish Date: Thu, 25 Jun 2026 06:49 PM (IST)
Updated Date: Thu, 25 Jun 2026 06:52 PM (IST)

- ਫਾਇਰਿੰਗ ’ਚ ਕਈ ਜ਼ਖ਼ਮੀ, ਇਲਾਕੇ ਵਿੱਚ ਤਣਾਅ ਦਾ ਮਾਹੌਲ ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ। ਇਹ ਬਹਿਸ ਇੰਨੀ ਵੱਧ ਗਈ ਕਿ ਮੌਕੇ ’ਤੇ ਅੰਨ੍ਹੇਵਾਹ ਗੋਲੀਆਂ ਚੱਲ ਪਈਆਂ, ਜਿਸ ਕਾਰਨ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਹਫੜਾ-ਦਫੜੀ ਮਚ ਗਈ। ਮਮਦੋਟ ਵਿਖੇ ਚੋਣ ਪ੍ਰਕਿਰਿਆ ਦੌਰਾਨ ਵਾਪਰੀ ਇਸ ਹਿੰਸਕ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੌਕੇ ’ਤੇ ਮੌਜੂਦ ਪੀੜਤ ਧਿਰ ਦੇ ਆਗੂ ਨੇ ਵਿਰੋਧੀ ਧਿਰ ’ਤੇ ਸਿਆਸੀ ਸ਼ਹਿ ’ਤੇ ਗੁੰਡਾਗਰਦੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦੱਸਿਆ ਕਿ ਕੁਝ ਦੇ ਸਾਥੀਆਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਉੱਥੇ ਪਹੁੰਚ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਜਵਾਬੀ ਦੋਸ਼ਾਂ ਨੂੰ ਨਕਾਰਦਿਆਂ ਪੀੜਤ ਆਗੂ ਨੇ ਕਿਹਾ ਕਿ ਸਾਡੇ ਆਪਣੇ ਚਾਰ ਬੰਦੇ ਗੋਲੀਆਂ ਲੱਗਣ ਕਾਰਨ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਰੀ ਘਟਨਾ ਦੀਆਂ ਵੀਡੀਓਜ਼ ਸਾਡੇ ਕੋਲ ਮੌਜੂਦ ਹਨ, ਜੋ ਸੱਚਾਈ ਬਿਆਨ ਕਰਦੀਆਂ ਹਨ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਸਿਰਫ ਆਪਣੀ ਧੌਂਸ ਜਮਾਉਣ ਅਤੇ ਇਲਾਕੇ ਵਿਚ ਗੁੰਡਾਗਰਦੀ ਦਾ ਮਾਹੌਲ ਪੈਦਾ ਕਰਨ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰ ਰਹੇ ਹਨ, ਪਰ ਜਨਤਾ ਇਸ ਦਾ ਕਰਾਰਾ ਜਵਾਬ ਦੇਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਦੂਜੀ ਧਿਰ ਦੇ ਲੋਕ ਖ਼ੁਦ ਨੂੰ ਬੇਕਸੂਰ ਸਾਬਤ ਕਰਨ ਲਈ ਆਪਣੇ ਆਪ ਹੀ ਮਾਮੂਲੀ ਸੱਟਾਂ ਮਾਰ ਕੇ ਡਰਾਮਾ ਕਰ ਰਹੇ ਹਨ। ਘਟਨਾ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਸਥਿਤੀ ਨੂੰ ਕੰਟਰੋਲ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਕਰ ਰਹੇ ਕੁਝ ਵਿਅਕਤੀਆਂ ਨੂੰ ਦੋ-ਤਿੰਨ ਪਿਸਤੌਲਾਂ ਸਮੇਤ ਕਾਬੂ ਵੀ ਕੀਤਾ ਹੈ। ਪੀੜਤ ਧਿਰ ਨੇ ਮੰਗ ਕੀਤੀ ਹੈ ਕਿ ਚੋਣਾਂ ਵਰਗੇ ਸੰਵੇਦਨਸ਼ੀਲ ਮੌਕੇ ’ਤੇ ਹਥਿਆਰਾਂ ਦੀ ਅਜਿਹੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਖ਼ੂਨੀ ਹਮਲੇ ਖ਼ਿਲਾਫ਼ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾ ਰਹੇ ਹਨ। ਉਧਰ ਕਾਂਗਰਸ ਤੇ ਅਕਾਲੀ ਲੀਡਰਾਂ ਵੱਲੋਂ ਦੋਸ਼ਾਂ ਨੂੰ ਨਕਾਰਿਆ ਜਾ ਰਿਹਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਡਿਊਟੀ ’ਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਹਸਪਤਾਲ ਵਿਚ ਮਨਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਨਾਮ ਦੇ ਦੋ ਮਰੀਜ਼ ਲਿਆਂਦੇ ਗਏ ਸਨ। ਡਾਕਟਰਾਂ ਅਨੁਸਾਰ ਦੋਵਾਂ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। ਉਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ, ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।