ਓਲੰਪੀਅਡ ’ਚ ਵਿਦਿਆਰਥੀਆਂ ਨੇ ਜਿੱਤੇ 11 ਗੋਲਡ ਮੈਡਲ
ਇੰਟਰਨੈਸ਼ਨਲ ਸਿਲਵਰ ਜੋਨ ਓਲੰਪੀਅਡ ’ਚ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ 11 ਗੋਲਡ ਮੈਡਲ ਜਿੱਤੇ
Publish Date: Sat, 14 Mar 2026 04:36 PM (IST)
Updated Date: Sat, 14 Mar 2026 04:39 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਸਿਲਵਰ ਜ਼ੋਨ ਓਲੰਪੀਅਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਇੰਟਰਨੈਸ਼ਨਲ ਸਿਲਵਰ ਜੋਨ ਓਲੰਪੀਅਡ ਫਾਊਂਡੇਸ਼ਨ ਵੱਲੋਂ ਅੰਗਰੇਜ਼ੀ, ਗਣਿਤ, ਜਨਰਲ ਨੋਲਜ, ਕੰਪਿਊਟਰ ਅਤੇ ਹਿੰਦੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ। ਇਨ੍ਹਾਂ ਪ੍ਰੀਖਿਆਵਾਂ ਵਿਚ ਹੇਮਕੁੰਟ ਸਕੂਲ ਦੇ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਨਤੀਜਿਆਂ ਅਨੁਸਾਰ 11 ਵਿਦਿਆਰਥੀਆਂ ਨੇ ਗੋਲਡ ਮੈਡਲ, 5 ਨੇ ਸਿਲਵਰ ਮੈਡਲ ਅਤੇ 2 ਵਿਦਿਆਰਥੀਆਂ ਨੇ ਬਰਾਂਜ਼ ਮੈਡਲ ਹਾਸਲ ਕੀਤੇ, ਜਦਕਿ ਬਾਕੀ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ ਨਾਲ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ। ਸਕੂਲ ਦੀ ਪ੍ਰਿੰਸੀਪਲ ਰਮਨਜੀਤ ਕੌਰ ਨੇ ਵੀ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸਹੀ ਮਾਰਗਦਰਸ਼ਨ ਨਾਲ ਵਿਦਿਆਰਥੀ ਹਰ ਉੱਚਾਈ ਹਾਸਲ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਪ੍ਰਤੀਯੋਗਿਤਾਵਾਂ ਵਿਚ ਵੱਧ ਤੋਂ ਵੱਧ ਹਿੱਸਾ ਲੈ ਕੇ ਨਵੀਆਂ ਕਾਮਯਾਬੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।