- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ’ਨਾ ਮੰਨੇ ਜਾਣ’ ਕਾਰਨ ਕੰਟਰੈਕਟ ਕਰਮਚਾਰੀਆਂ ਵਿਚ ਭਾਰੀ ਰੋਸ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਭਾਗ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਹੋਣ ਕਾਰਨ ਭਾਰੀ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਆਈਸੀਟੀਸੀ ਸੈਂਟਰ ਦੀਆਂ ਕਾਊਂਸਲਰਾਂ ਮੋਨਿਕਾ ਰਾਣੀ, ਸ਼ੈਲੀ ਅਤੇ ਪਰਵੀਨ ਕੁਮਾਰੀ, ਲੈਬ ਟੈਕਨੀਸ਼ੀਅਨ ਅਮਨਦੀਪ, ਏਆਰਟੀ ਸੈਂਟਰ ਦੇ ਸਟਾਫ਼ ਅਮਨ ਕੁਮਾਰ, ਅਮਨ ਸ਼ਰਮਾ, ਪੁਨੀਤਾ ਅਤੇ ਮਨਪ੍ਰੀਤ, ਓਐੱਸਟੀ ਸੈਂਟਰ ਦੀਆਂ ਰਜਨੀ ਅਤੇ ਸੀਮਾ ਰਿੰਕੂ ਰਾਣੀ ਸਮੇਤ ਹੋਰ ਸਮੂਹ ਸਟਾਫ਼ ਮੈਂਬਰਾਂ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਵਿਭਾਗ ਦੇ ਅਧੀਨ ਵੱਖ-ਵੱਖ ਸੈਂਟਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਉਚਿਤ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ 30 ਸਤੰਬਰ ਨੂੰ ਹੋਣ ਵਾਲੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਕਮੇਟੀ ਦੀ ਸਿਹਤ ਮੰਤਰੀ ਨਾਲ ਮੀਟਿੰਗ ਵਿਚ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰ-ਵਾਰ ਮੰਗ ਪੱਤਰ ਦੇਣ ਅਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਜਾਣ ਦੀ ਸੂਰਤ ਵਿੱਚ 1 ਨਵੰਬਰ 2026 ਤੋਂ ਰਿਪੋਰਟਾਂ ਬੰਦ ਕੀਤੀਆਂ ਜਾਣਗੀਆਂ ਅਤੇ 3 ਨਵੰਬਰ 2026 ਨੂੰ ਪੂਰੇ ਪੰਜਾਬ ਵਿੱਚ ਕੰਮ-ਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸਟਾਫ਼ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ, ਤਾਂ ਜੋ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।