ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰਨ ’ਤੇ ਠੇਕਾ ਮੁਲਾਜ਼ਮਾਂ ਵਿਚ ਭਾਰੀ ਰੋਸ
ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰਨ ’ਤੇ ਠੇਕਾ ਮੁਲਾਜ਼ਮਾਂ ਵਿਚ ਭਾਰੀ ਰੋਸ
Publish Date: Thu, 09 Apr 2026 03:48 PM (IST)
Updated Date: Fri, 10 Apr 2026 04:00 AM (IST)

-ਫਰਦ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਮੰਗ ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਠੇਕਾ ਸੰਘਰਸ਼ ਮੋਰਚਾ ਪੰਜਾਬ ਦੀ ਇਕ ਮੀਟਿੰਗ ਹੋਈ। ਮੀਟਿੰਗ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋ, ਜਗਸੀਰ ਸਿੰਘ ਭੰਗੂ, ਰਮਨਦੀਪ ਸਿੰਘ, ਪਰਮਜੀਤ ਸਿੰਘ, ਹਰਜਿੰਦਰਪਾਲ ਸਿੰਘ, ਲਛਮਨ ਸਿੰਘ ਅਤੇ ਜਗਦੀਪ ਸਿੰਘ ਵੱਲੋਂ ਇਕ ਸਾਂਝਾ ਬਿਆਨ ਰਾਹੀਂ ਦੱਸਿਆ ਕਿ ਕਿ ਇਕ ਪਾਸੇ ਸਰਕਾਰ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੀਤੀਆਂ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਸਰਕਾਰ ਦੀ ਅਸਲੀਅਤ ਉਸ ਵੇਲੇ ਸਾਹਮਣੇ ਆ ਗਈ ਜਦੋਂ ਪੰਜਾਬ ਦੇ ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਫਰਦ ਕੇਂਦਰਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਪੱਕਾ ਕਰਨ ਦੀ ਬਜਾਏ, ਬਾਹਰੀ ਕੰਪਨੀਆਂ ਰਾਹੀਂ ਟੈਂਡਰ ਜਾਰੀ ਕਰਨਾ ਸਰਕਾਰ ਦੀ ਦੋਹਰੀ ਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਹਜ਼ਾਰਾਂ ਮੁਲਾਜ਼ਮਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੋਰਚੇ ਦੇ ਆਗੂਆਂ ਨੇ ਯਾਦ ਦਿਵਾਇਆ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ। ਸਰਕਾਰ ਇਕ ਪਾਸੇ ਮੋਰਚੇ ਨਾਲ ਮੀਟਿੰਗਾਂ ਕਰਕੇ ਨੀਤੀ ਬਣਾਉਣ ਦਾ ਭਰੋਸਾ ਦੇ ਰਹੀ ਹੈ, ਜਦਕਿ ਦੂਜੇ ਪਾਸੇ ਟੈਂਡਰ ਪ੍ਰਕਿਰਿਆ ਰਾਹੀਂ ਮੁਲਾਜ਼ਮਾਂ ਨਾਲ ਵਿਤਕਰਾ ਕਰ ਰਹੀ ਹੈ। ਸਰਕਾਰ ਫਰਦ ਕੇਂਦਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੜ ਨਿੱਜੀ ਕੰਪਨੀਆਂ ਦੇ ਰਹਿਮੋ-ਕਰਮ ’ਤੇ ਛੱਡ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਠੇਕਾ ਸੰਘਰਸ਼ ਮੋਰਚਾ ਪੰਜਾਬ ਨੇ ਇਸ ਟੈਂਡਰ ਦੀ ਸਖ਼ਤ ਨਿੰਦਾ ਕਰਦਿਆਂ ਫਰਦ ਕੇਂਦਰ ਮੁਲਾਜ਼ਮਾਂ ਦੇ ਹੱਕ ਵਿਚ ਡੱਟ ਕੇ ਖੜਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਟੈਂਡਰ ਤੁਰੰਤ ਰੱਦ ਨਾ ਕੀਤਾ ਗਿਆ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੀ ਨੀਤੀ ਦੇ ਦਾਇਰੇ ਵਿੱਚ ਨਾ ਲਿਆਂਦਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਦੀਆਂ ਠੇਕਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਤਿੱਖੇ ਪ੍ਰਦਰਸ਼ਨ ਅਤੇ ਸੰਘਰਸ਼ ਵਿੱਢੇ ਜਾਣਗੇ।