ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਬਰਦਾਸ਼ਤ ਨਹੀਂ : ਜੌੜਾ
ਆਪ ਸਰਕਾਰ ਵੱਲੋਂ ਜੇਕਰ ਚਰਨਜੀਤ ਸਿੰਘ ਚੰਨੀ ਵਿਰੁੱਧ ਕੋਈ ਕਾਰਵਾਈ ਹੋਈ ਤਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਰਿੰਦਰ ਸਿੰਘ ਜੌੜਾ
Publish Date: Fri, 17 Apr 2026 05:42 PM (IST)
Updated Date: Fri, 17 Apr 2026 05:45 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਵਿਰੋਧੀ ਆਗੂਆਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਫਸਾਉਣ ਅਤੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਲਈ ਕਈ ਲੋਕ ਹਿਤੈਸ਼ੀ ਫ਼ੈਸਲੇ ਕੀਤੇ ਸਨ ਜਿਸ ਕਾਰਨ ਅੱਜ ਵੀ ਉਹ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ। ਉਨ੍ਹਾਂ ਦਾ ਦਾਅਵਾ ਹੈ ਲੋਕਾਂ ਵਿਚ ਚੰਨੀ ਪ੍ਰਤੀ ਦਿਨੋਂ ਦਿਨ ਵੱਧ ਰਿਹਾ ਵਿਸ਼ਵਾਸ ਹੀ ਹੈ ਜਿਸ ਕਾਰਨ ਮੌਜ਼ੂਦਾ ਸਰਕਾਰ ਘਬਰਾਹਟ ਵਿਚ ਆ ਕੇ ਗ਼ਲਤ ਤਰੀਕੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਪਰ ਮੌਜ਼ੂਦਾ ਸਰਕਾਰ ਇਸ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਿਲਕੁਲ ਗ਼ਲਤ ਹੈ। ਜੌੜਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਕਾਂਗਰਸ ਪਾਰਟੀ ਇਸਦਾ ਡੱਟ ਕੇ ਵਿਰੋਧ ਕਰੇਗੀ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਮੰਚ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਹ ਇਸਦਾ ਜਵਾਬ ਦੇਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਲੋਕਾਂ ਦੇ ਮੁੱਦਿਆਂ ਉੱਤੇ ਧਿਆਨ ਦਿੱਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਹੋ ਸਕੇ। ਜੌੜਾ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਅਕਸਰ ਹੀ ਇਹ ਪ੍ਰਚਾਰ ਚੱਲ ਰਿਹਾ ਹੈ ਕਿ ਚੰਨੀ ਨੂੰ ਕਿਸੇ ਨਾ ਕਿਸੇ ਮਾਮਲੇ ਵਿਚ ਉਲਝਾਇਆ ਜਾ ਸਕਦਾ ਹੈ ਕਿਉਂਕਿ ਮੌਜ਼ੂਦਾ ਸਰਕਾਰ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ ਕਿਉਂਕਿ ਸੂਬੇ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।