ਸ਼ਹੀਦ ਭਾਈ ਮਨੀ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਮੁੱਦਕੀ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਰਾਜਪੂਤ ਭਾਈਚਾਰੇ ਦੀ ਅਹਿਮ ਇਕੱਤਰਤਾ
Publish Date: Fri, 20 Feb 2026 03:14 PM (IST)
Updated Date: Fri, 20 Feb 2026 03:18 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਅਮਰ ਸ਼ਹੀਦ ਭਾਈ ਮਨੀ ਸਿੰਘ ਦੇ ਆਗਾਮੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਦਕੀ ਸਥਿਤ ਰਾਜਪੂਤ ਭਾਈਚਾਰੇ ਦੀ ਧਰਮਸ਼ਾਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ‘ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ’ ਦੀ ਅਗਵਾਈ ’ਚ ਹੋਈ ਇਸ ਇਕੱਤਰਤਾ ਵਿਚ ਰਾਜਪੂਤ ਬਿਰਾਦਰੀ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਸੁਸਾਇਟੀ ਦੇ ਕੌਮੀ ਪ੍ਰਧਾਨ ਭਾਈ ਲਖਵਿੰਦਰ ਸਿੰਘ ਸਰਪੰਚ ਫੁੱਲਰਵੰਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਭਾਈ ਸੋਹਣ ਸਿੰਘ ਖਾਲਸਾ ਮੋਗੇ ਵਾਲੇ, ਸਰਪ੍ਰਸਤ ਭਾਈ ਸਤਨਾਮ ਸਿੰਘ ਫਿਰੋਜ਼ਪੁਰ ਅਤੇ ਜ਼ਿਲ੍ਹਾ ਪ੍ਰਧਾਨ ਭਾਈ ਪ੍ਰਗਟ ਸਿੰਘ ਚੰਦਨ ਸਮੇਤ ਕਈ ਪ੍ਰਮੁੱਖ ਆਗੂ ਮੌਜ਼ੂਦ ਸਨ। ਮੀਟਿੰਗ ਵਿਚ ਸ਼ਹੀਦ ਭਾਈ ਮਨੀ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਪ੍ਰਣ ਲਿਆ ਗਿਆ। ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ 17 ਮਾਰਚ ਨੂੰ ਮੁੱਦਕੀ ਵਿਖੇ ਸ਼ਹੀਦ ਭਾਈ ਮਨੀ ਸਿੰਘ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਸ਼ਹੀਦਾਂ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਸੁਸਾਇਟੀ ਦੇ ਅਹੁਦੇਦਾਰਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਮੀਟਿੰਗ ਵਿਚ ਨੈਬ ਸਿੰਘ ਮੁੱਦਕੀ ਸਰਕਲ ਪ੍ਰਧਾਨ, ਬਾਬਾ ਲਾਲ ਸਿੰਘ ਮਮਦੋਟ, ਸੁਖਜਿੰਦਰ ਸਿੰਘ, ਭਾਈ ਗੁਰਜੰਟ ਸਿੰਘ ਤੋਂ ਇਲਾਵਾ ਜਗਜੀਤ ਸਿੰਘ, ਜਸਪਾਲ ਸਿੰਘ, ਸਵਰਨ ਸਿੰਘ, ਗੁਰਮੇਲ ਸਿੰਘ ਕਾਲਾ ਅਤੇ ਗ੍ਰੰਥੀ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਈਚਾਰੇ ਦੇ ਲੋਕ ਹਾਜ਼ਰ ਸਨ।