ਮਮਦੋਟ ’ਚ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਅਹਿਮ ਪਹਿਲ ਮਮਦੋਟ ’ਚ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਅਹਿਮ ਪਹਿਲ
Publish Date: Thu, 24 Sep 2026 04:22 PM (IST)
Updated Date: Fri, 25 Sep 2026 04:01 AM (IST)
-ਕਲੱਸਟਰ ਅਫ਼ਸਰਾਂ ਤੇ ਬੇਲਰ ਮਾਲਕਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ -ਕਿਸਾਨਾਂ ਦੀ ਸਹੂਲਤ ਲਈ ਬੇਲਰ ਮਾਲਕਾਂ ਨਾਲ ਕਰਵਾਇਆ ਤਾਲਮੇਲ ਬਗੀਚਾ ਸਿੰਘ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਨੀਰਜ ਸ਼ਰਮਾ ਦੀ ਅਗਵਾਈ ਹੇਠ ਮਮਦੋਟ ਵਿਖੇ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਡਿਊਟੀ ਨਿਭਾ ਰਹੇ ਕਲੱਸਟਰ ਅਫ਼ਸਰਾਂ ਅਤੇ ਇਲਾਕੇ ਦੇ ਬੇਲਰ ਮਸ਼ੀਨ ਮਾਲਕਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ. ਨੀਰਜ ਸ਼ਰਮਾ ਨੇ ਕਲੱਸਟਰ ਅਫ਼ਸਰਾਂ ਨੂੰ ਉਚੇਚੇ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਫ਼ੀਲਡ ਵਿਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ, ਜਿਸ ਲਈ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਅਪਣਾਉਣ ਬਾਰੇ ਦੱਸਿਆ ਜਾਵੇ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸੁਚਾਰੂ ਸਹੂਲਤ ਦੇਣ ਦੇ ਮਕਸਦ ਨਾਲ ਮੀਟਿੰਗ ਵਿੱਚ ਕਲੱਸਟਰ ਅਫ਼ਸਰਾਂ ਦਾ ਮਿਲਾਪ ਬੇਲਰ ਮਸ਼ੀਨ ਮਾਲਕਾਂ ਨਾਲ ਕਰਵਾਇਆ ਗਿਆ। ਇਸ ਦੇ ਨਾਲ ਹੀ ਕਲੱਸਟਰ ਅਫ਼ਸਰਾਂ ਨੂੰ ਬੇਲਰ ਮਾਲਕਾਂ ਦੇ ਫੋਨ ਨੰਬਰਾਂ ਦੀ ਸੂਚੀ ਵੀ ਸੌਂਪੀ ਗਈ, ਤਾਂ ਜੋ ਫ਼ਸਲ ਦੀ ਵਾਢੀ ਸਮੇਂ ਕਿਸਾਨਾਂ ਨੂੰ ਪਰਾਲੀ ਦੀਆਂ ਗੰਢਾਂ ਬਣਵਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਖ਼ੱਜਲ-ਖੁਆਰੀ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਅਰਪਿੰਦਰ ਕੌਰ, ਖੇਤੀਬਾੜੀ ਵਿਕਾਸ ਅਫ਼ਸਰ ਅਮਿਤ ਬਜਾਜ ਅਤੇ ਬੀਟੀਐੱਮ ਅਸ਼ਵ ਬਜਾਜ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਲਈ ਉਤਸ਼ਾਹਿਤ ਕਰਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।