ਫ਼ਿਰੋਜ਼ਪੁਰ ’ਚ ਸਾਂਝੀ ਮੁਲਾਜ਼ਮ ਪੈਨਸ਼ਨਰਜ਼ ਕਮੇਟੀ ਦੀ ਹੋਈ ਮੀਟਿੰਗ ਫ਼ਿਰੋਜ਼ਪੁਰ ਵਿਖੇ ਸਾਂਝੀ ਮੁਲਾਜ਼ਮ ਪੈਨਸ਼ਨਰਜ਼ ਕਮੇਟੀ ਦੀ ਅਹਿਮ ਮੀਟਿੰਗ
Publish Date: Thu, 09 Jul 2026 03:45 PM (IST)
Updated Date: Thu, 09 Jul 2026 03:48 PM (IST)
- 17 ਜੁਲਾਈ ਦੀ ਮੋਹਾਲੀ ਮਹਾਂ ਰੈਲੀ ’ਚ ਫ਼ਿਰੋਜ਼ਪੁਰ ਤੋਂ ਸੈਂਕੜੇ ਮੁਲਾਜ਼ਮ ਤੇ ਪੈਨਸ਼ਨਰ ਹੋਣਗੇ ਸ਼ਾਮਲ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਵਿਖੇ ਪਿੱਪਲ ਸਿੰਘ ਦੀ ਪ੍ਰਧਾਨਗੀ ਹੇਠ ਸਾਂਝੀ ਮੁਲਾਜ਼ਮ ਪੈਨਸ਼ਨ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਚੋਣਾਂ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਵਾਅਦਾ-ਖ਼ਿਲਾਫ਼ੀ ਵਾਲੇ ਰਵੱਈਏ ਦੇ ਵਿਰੋਧ ਵਿਚ ਪੂਰੇ ਸੂਬੇ ਅੰਦਰ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਹਨ, ਉੱਥੇ ਮੁਲਾਜ਼ਮਾਂ ਵੱਲੋਂ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਪੁਤਲੇ ਫੂਕ ਕੇ ਮੰਗ ਪੱਤਰ ਸੌਂਪੇ ਜਾ ਰਹੇ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਸਰਕਾਰ ਨਾ ਸਿਰਫ਼ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ, ਸਗੋਂ ਮਾਣਯੋਗ ਹਾਈਕੋਰਟ ਵਿਚ ਵੀ ਮੁਲਾਜ਼ਮਾਂ ਦੇ ਹਿੱਤਾਂ ਖ਼ਿਲਾਫ਼ ਭੁਗਤ ਰਹੀ ਹੈ। ਸਰਕਾਰ ਦੇ ਇਸ ਅੜੀਅਲ ਰਵੱਈਏ ਦਾ ਕਰਾਰਾ ਜਵਾਬ ਦੇਣ ਲਈ ਪੂਰੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ 17 ਜੁਲਾਈ ਨੂੰ ਮੋਹਾਲੀ ਦੀ ਧਰਤੀ ’ਤੇ ਇਕੱਠੇ ਹੋ ਕੇ ਵਿਸ਼ਾਲ ਮਹਾਂ ਰੈਲੀ ਕਰਨ ਜਾ ਰਹੇ ਹਨ। ਇਸ ਰੈਲੀ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਜਨਤਾ ਦੇ ਸਾਹਮਣੇ ਨੰਗਾ ਕੀਤਾ ਜਾਵੇਗਾ। ਮੀਟਿੰਗ ਦੇ ਅਖੀਰ ਵਿਚ ਸਮੂਹ ਜਥੇਬੰਦੀਆਂ ਦੇ ਕਨਵੀਨਰ ਅਤੇ ਕੋ-ਕਨਵੀਨਰ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਲਾਨ ਕੀਤਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਤੋਂ ਲਗਭਗ 300 ਦੇ ਕਰੀਬ ਮੁਲਾਜ਼ਮ ਅਤੇ ਪੈਨਸ਼ਨਰ ਇਕੱਠੇ ਹੋ ਕੇ ਡੀਸੀ ਦਫ਼ਤਰ ਫ਼ਿਰੋਜ਼ਪੁਰ ਤੋਂ ਕਾਫ਼ਲੇ ਦੇ ਰੂਪ ਵਿਚ ਮੋਹਾਲੀ ਰੋਸ ਰੈਲੀ ਲਈ ਰਵਾਨਾ ਹੋਣਗੇ, ਤਾਂ ਜੋ ਇਸ ਸੰਘਰਸ਼ ਨੂੰ ਸਫ਼ਲ ਬਣਾਇਆ ਜਾ ਸਕੇ।