ਲਗਾਤਾਰ ਵੱਧ ਰਹੇ ਕਤਲ ਸਰਕਾਰ ਦੀ ਨਾਕਾਮੀ ਦਾ ਨਤੀਜਾ : ਜੌੜਾ
ਪੰਜਾਬ ਵਿਚ ਲਗਾਤਾਰ ਵੱਧ ਰਹੇ ਕਤਲ ਸਰਕਾਰ ਦੀ ਨਾਕਾਮੀ ਦਾ ਨਤੀਜਾ: ਜੌੜਾ
Publish Date: Mon, 30 Mar 2026 03:35 PM (IST)
Updated Date: Mon, 30 Mar 2026 03:39 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕਤਲ ਅਤੇ ਅਪਰਾਧਿਕ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਮੌਜ਼ੂਦਾ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਚੁੱਕੀ ਹੈ। ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਮਾਛੀਵਾਲਾ ਵਿੱਚ ਬਲਾਕ ਕਾਂਗਰਸ ਪ੍ਰਧਾਨ ਦੀ ਸ਼ਰੇਆਮ ਹੱਤਿਆ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸਤੋਂ ਇਲਾਵਾ ਪੰਜਾਬ ਦੇ ਹੋਰ ਕਈ ਇਲਾਕਿਆਂ ਵਿਚ ਵੀ ਅਪਰਾਧਿਕ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਅਤੇ ਕਈ ਥਾਵਾਂ ’ਤੇ ਆਮ ਆਦਮੀ ਪਾਰਟੀ ਦੇ ਸਰਪੰਚਾਂ ਸਮੇਤ ਹੋ ਰਹੀਆਂ ਹੱਤਿਆਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੁਰਿੰਦਰ ਸਿੰਘ ਜੋੜਾ ਨੇ ਕਿਹਾ ਕਿ ਹਰ ਰੋਜ਼ ਕਿਸੇ ਨਾ ਕਿਸੇ ਜਗ੍ਹਾ ’ਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ,ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ।ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਸਖਤ ਕਦਮ ਚੁੱਕੇ ਜਾਣ।ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਹਾਲਾਤ ਕਾਬੂ ਵਿੱਚ ਨਹੀਂ ਆਉਂਦੇ, ਤਾਂ ਕੇਂਦਰ ਸਰਕਾਰ ਨੂੰ ਵੀ ਦਖਲ ਦੇਣਾ ਚਾਹੀਦਾ ਹੈ। ਜੌੜਾ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਪੁਲਿਸ ਵਿੱਚ ਜਿੰਨੀ ਵੀ ਨਫਰੀ ਦੀ ਘਾਟ ਹੈ, ਉਸਨੂੰ ਜਲਦੀ ਪੂਰਾ ਕੀਤਾ ਜਾਵੇ, ਨਵੇਂ ਮੁਲਾਜ਼ਮਾਂ ਦੀ ਭਰਤੀ ਕਰਕੇ ਪੁਲਿਸ ਫੋਰਸ ਨੂੰ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।