ਸਟਾਫ ਰਿਪੋਰਟਰ, ਫਾਜ਼ਿਲਕਾ : ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2019-20 ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ 'ਤੇ ਪੱਛੜੀਆਂ ਸ਼ੇ੍ਰਣੀਆਂ ਦੇ ਯੋਗ ਵਿਦਿਆਰਥੀ ਸਕਾਲਰਸ਼ਿਪ ਲੈਣ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 'ਤੇ 30 ਨਵੰਬਰ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਟਿ੍ਰਕ ਤੋਂ ਅੱਗੇ ਦੀ ਪੜ੍ਹਾਈ ਲਈ ਯੋਗ ਐਸ.ਸੀ./ਬੀ.ਸੀ. ਵਿਦਿਆਰਥੀ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਉਠਾ ਸਕਦੇ ਹਨ ਤੇ ਆਪਣੀ ਮੰਜ਼ਿਲ ਨੂੰ ਪ੍ਰਾਪਤ ਕਰਨ ਦੇ ਯੋਗ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ ਵੱਲੋਂ ਸਾਲ 2019-20 ਲਈ ਜਾਰੀ ਸ਼ਡਿਊਲ ਅਨੁਸਾਰ ਯੋਗ ਵਿਦਿਆਰਥੀ 30 ਨਵੰਬਰ 2019 ਤਕ ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਸਮਾਜਿਕ ਨਿਆਂ 'ਤੇ ਅਧਿਕਾਰਤਾ ਅਫ਼ਸਰ ਬਰਿਦੰਰ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀ ਦੇ ਪਰਿਵਾਰ ਦੀ ਸਾਲਾਨਾ ਆਮਦਨ 2.5 ਲੱਖ ਅਤੇ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧ ਰੱਖਣ ਵਿਦਿਆਰਥੀ ਦੇ ਪਰਿਵਾਰ ਦੀ ਸਲਾਨਾ ਆਮਦਨ 1.5 ਲੱਖ ਰੁਪਏ ਤਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਿੱਖਿਆ ਸੰਸਥਾਵਾਂ 'ਤੇ ਵਿਦਿਆਰਥੀਆਂ ਤੋਂ ਪ੍ਰਾਪਤ ਆਨਲਾਈਨ ਅਰਜ਼ੀਆਂ 10 ਦਸੰਬਰ 2019 ਤਕ ਸੈਕਸ਼ਨਿੰਗ ਅਥਾਰਿਟੀ ਨੂੰ ਪੇਸ਼ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੈਕਸ਼ਨਿੰਗ ਅਥਾਰਿਟੀ ਵੱਲੋਂ ਸੰਸਥਾਵਾਂ ਤੋਂ ਪ੍ਰਾਪਤ ਅਰਜ਼ੀਆਂ ਲਾਈਨ ਵਿਭਾਗ ਨੂੰ ਭੇਜਣ ਦਾ ਸਮਾਂ 30 ਦਸੰਬਰ 2019 ਤਕ ਨਿਰਧਾਰਤ ਕੀਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ 'ਤੇ ਅਧਿਕਾਰਤਾ ਅਫ਼ਸਰ ਨੇ ਦੱਸਿਆ ਕਿ ਲਾਈਨ ਵਿਭਾਗ ਸੈਕਸ਼ਨਿੰਗ ਅਥਾਰਿਟੀ ਤੋਂ ਪ੍ਰਾਪਤ ਅਰਜ਼ੀਆਂ ਸਬੰਧੀ ਲੋੜੀਂਦੀ ਕਾਰਵਾਈ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜੇਗਾ ਅਤੇ ਵਿਭਾਗ ਵੱਲੋਂ ਇਹ ਸਾਰੀ ਕਾਰਵਾਈ ਨੂੰ 10 ਜਨਵਰੀ 2020 ਤਕ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਏ ਬਲਾਕ, ਚੌਥੀ ਮੰਜ਼ਲ, ਕਮਰਾ ਨੰ 508 ਨਾਲ ਸੰਪਰਕ ਕੀਤਾ ਜਾ ਸਕਦਾ ਹੈ।