ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਜ਼ਿਲ੍ਹਾ ਪ੍ਰਸ਼ਾਸਨ ਨੇ ਅਪਰਾਧਿਕ ਮਾਮਲਿਆਂ ਵਿਚ ਫਸੇ ਅਤੇ ਅਦਾਲਤ ਵੱਲੋਂ ਭਗੋੜਾ ਐਲਾਨੇ ਜਾ ਚੁੱਕੇ 21 ਲੋਕਾਂ ਦੇੇ ਅਸਲਾ ਲਾਇਸੈਂਸ ਰੱਦ ਕਰਨ ਦੇ ਹੁੱਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਭਾਗ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਇਨ੍ਹਾਂ ਸਾਰੇ 21 ਅਸਲਾ ਲਾਇਸੈਂਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਸਾਰੇ ਲਾਇਸੈਂਸ ਧਾਰਕਾਂ ਨੂੰ ਸ਼ੋ-ਕਾਜ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਲਈ ਕਿਹਾ ਗਿਆ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਕੁੱਲ 21 ਅਸਲਾ ਲਾਇਸੈਂਸ ਨੰੂ ਰੱਦ ਕਰਨ ਦੀ ਸਿਫ਼ਾਰਸ਼ ਪ੍ਰਰਾਪਤ ਹੋਈ ਸੀ, ਇਨ੍ਹਾਂ ਵਿਚੋਂ 9 ਲੋਕ ਵੱਖ ਵੱਖ ਅਪਰਾਧਿਕ ਮਾਮਲਿਆਂ ਵਿਚ ਭਗੋੜਾਹੋ ਚੁੱਕੇ ਹਨ, ਜਦਕਿ 12 ਲੋਕਾਂ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਸਿਫ਼ਾਰਿਸ਼ 'ਤੇ ਇਨ੍ਹਾਂ ਸਾਰੇ ਲਾਇਸੈਂਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਿਭਾਗ ਨੂੰ ਇਨ੍ਹਾਂ ਮਾਮਲਿਆਂ ਵਿਚ ਇੱਕ ਵਿਸਥਾਰਿਤ ਰਿਪੋਰਟ ਵੀ ਭੇਜਣ ਦੇ ਲਈ ਕਿਹਾ ਗਿਆ ਹੈ ਕਿਉਂਕਿ ਇਹ ਸਾਰੇ ਲਾਇਸੰਸ ਸਾਲ 2007 ਤੋਂ 2010 ਦੇ ਵਿਚਕਾਰ ਜਾਰੀ ਹੋਏ ਸੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਲਾਇਸੰਸ ਅਪਰਾਧਿਕ ਮਾਮਲਿਆਂ ਵਿੱਚ ਦਰਜ ਹੋਣ ਦੇ ਬਾਅਦ ਬਣਾਏ ਗਏ ਹਨ ਤਾਂ ਇਨ੍ਹਾਂ ਦੀ ਪੁਲਿਸ ਰਿਪੋਰਟ ਕਲੀਅਰੈਂਸ ਦੇਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਅਤੇ ਜੇਕਰ ਕੋਈ ਲਾਪਰਵਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਹੋਵੇਗੀ।